ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਦਸੰਬਰ
‘ਆਪ’ ਨੇ ਪੰਜਾਬ ਦੇ ਸਿਹਤ ਮੰਤਰੀ ਓਪੀ ਸੋਨੀ ਵੱਲੋਂ ਇੰਟਰਵਿਊ ਦੌਰਾਨ ਪੰਜਾਬ ਦੇ ਅਸਲ ਅੰਕੜਿਆਂ ਨੂੰ ਛੁਪਾਉਣ ਦਾ ਦੋਸ਼ ਲਾਇਆ ਹੈ। ਵਿਧਾਇਕ ਅਮਨ ਅਰੋੜਾ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓਪੀ ਸੋਨੀ ਨੂੰ ਚੁਣੌਤੀ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਸਿਹਤ ਪ੍ਰਬੰਧਾਂ ਸਬੰਧੀ ਵਿਚਾਰ-ਚਰਚਾ ਲਈ ਹਰ ਸਮੇਂ ਤਿਆਰ ਹਨ। ਅਰੋੜਾ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਦੀ ਸਿਹਤ ਸੇਵਾਵਾਂ ਦੀ ਤੁਲਨਾ ਕਰਨ ਦੀ ਛੇਤੀ ’ਚ ਸੋਨੀ ਇਹ ਭੁੱਲ ਗਏ ਕਿ ਪੰਜਾਬ ਦੀ ਸਿਹਤ ਵਿਵਸਥਾ ਰਾਸ਼ਟਰੀ ਪੱਧਰ ’ਤੇ ਨਿਰਧਾਰਤ ਮਾਪਦੰਡਾਂ ਅਤੇ ਡਬਲਯੂਐੱਚਓ ਦੇ ਮਿਆਰਾਂ ’ਤੇ ਖ਼ਰੀ ਨਹੀਂ ਉਤਰਦੀ। ਪੰਜਾਬ ਦੇ ਪਿੰਡਾਂ ਦੇ ਰਾਸ਼ਟਰੀ ਸਿਹਤ ਨਿਯਮਾਂ ਅਨੁਸਾਰ 700 ਤੋਂ ਵੱਧ ਪ੍ਰਾਇਮਰੀ ਸਿਹਤ ਕੇਂਦਰ ਹੋਣੇ ਚਾਹੀਦੇ ਹਨ, ਪਰ ਇਨ੍ਹਾਂ ਦੀ ਗਿਣਤੀ ਸਿਰਫ਼ 416 ਹੈ।