ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 9 ਫਰਵਰੀ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਮੱਥਾ ਟੇਕਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਕਾਂਗਰਸ ਤੇ ‘ਆਪ’ ਰਲ ਕੇ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਚੋਣਾਂ ਲੜ ਰਹੀਆਂ ਹਨ।
ਡੇਰਾ ਮੁਖੀ ਨੂੰ ਮਿਲੀ ਪੈਰੋਲ ਬਾਰੇ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਪੈਰੋਲ ਮਿਲਣੀ ਆਪਣੇ ਆਪ ਵਿਚ ਵੱਡਾ ਸਵਾਲ ਹੈ। ਜਦੋਂ ਪੱਤਰਕਾਰਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਰੇ ਸਵਾਲ ਪੁੱਛਣਾ ਚਾਹਿਆ ਤਾਂ ਹਰਸਿਮਰਤ ਨੇ ‘ਗੁਰੂ ਦੇ ਦਰ ’ਤੇ ਖੜ੍ਹ ਕੇ ਇਹੋ ਜਿਹੇ ਬੰਦੇ ਦੀ ਗੱਲ ਨਾ ਹੀ ਕਰੋ ਤਾਂ ਚੰਗਾ ਹੈ’ ਕਹਿ ਕੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਹਰਸਿਮਰਤ ਦਾ ਸਨਮਾਨ ਕੀਤਾ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਇਥੇ ਅੱਜ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਉਮੀਦਵਾਰ ਜਸਦੀਪ ਕੌਰ ਯਾਦੂ ਦੇ ਹੱਕ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਲੋਕਾਂ ਦਾ ਕਾਂਗਰਸ ਸਰਕਾਰ ਤੋਂ ਭਰੋਸਾ ਉੱਠ ਗਿਆ ਹੈ। ਪਿਛਲੇ ਪੰਜ ਸਾਲਾਂ ਦੌਰਾਨ ਪੂਰੇ ਹਲਕੇ ਵਿਚ ਵਿਕਾਸ ਦੇ ਨਾਂ ’ਤੇ ਭ੍ਰਿਸ਼ਟਾਚਾਰ ਹੋਇਆ ਹੈ।
ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਟੇਕਿਆ ਮੱਥਾ
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵੀ ਨਤਮਸਤਕ ਹੋਏ। ਉਨ੍ਹਾਂ ਕਿਹਾ ਕਿ ਅੱਜ ਇੱਥੇ ਆਉਣ ਦਾ ਕੋਈ ਸਿਆਸੀ ਪ੍ਰੋਗਰਾਮ ਨਹੀਂ, ਉਹ ਸਿਰਫ ਆਸ਼ੀਰਵਾਦ ਲੈਣ ਆਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਵੀ ਕਾਂਗਰਸ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ।