ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ‘ਆਪ’ ਸਰਕਾਰ ਦੀ ਘੇਰਾਬੰਦੀ ਕੀਤੇ ਜਾਣ ’ਤੇ ‘ਆਪ’ ਅਤੇ ਕਾਂਗਰਸ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਾਰਾ ਦੇਸ਼ ਸੂਬਾ ਸਰਕਾਰ ਸਿਰ ਪਾ ਕੇ ਆਪਣੀ ਜ਼ਿੰਮੇਵਾਰੀ ਤੋਂ ਬੱਚ ਨਹੀਂ ਸਕਦੀ ਹੈ। ਇਸ ਦੇ ਨਾਲ ਹੀ ‘ਆਪ’ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ 12 ਸਾਲਾਂ ਵਿੱਚ ਪੰਜਾਬ ਦੇ ਨਸ਼ਿਆਂ ਨੂੰ ਰੋਕਣ ਲਈ ਕੀਤੇ ਯਤਨ ਬਾਰੇ ਜਵਾਬ ਮੰਗਿਆ। ਇਸ ਬਾਰੇ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਾਜਪਾ ਸ਼ਾਸਤ ਸੂਬਾ ਗੁਜਰਾਤ ਦੀਆਂ ਬੰਦਰਗਾਹਾਂ ਤੋਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਜਾ ਰਹੇ ਹਨ, ਉਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਕੁਝ ਬੋਲਣ ਲਈ ਤਿਆਰ ਨਹੀਂ ਹਨ, ਜਦੋਂ ਕਿ ਪੰਜਾਬ ਤੋਂ ਪਹਿਲਾਂ ਗੁਜਰਾਤ ਬਾਰੇ ਕੇਂਦਰੀ ਗ੍ਰਹਿ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ। ਸ੍ਰੀ ਪੰਨੂ ਨੇ ਰਾਹੁਲ ਗਾਂਧੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਆਗੂ ਆਪਣੇ ਹੀ ਸੂਬੇ ਦੇ ਕਾਰਜਕਾਲ ਦੇ ਰਿਕਾਰਡ ਬਾਰੇ ਚੁੱਪ ਕਿਉਂ ਹਨ। ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਸ਼ਾਹ ਲੋਕਾਂ ਨੂੂੰ ਗੁਮਰਾਹ ਕਰਨ ਦੀ ਥਾਂ ਪੰਜਾਬ ਵਿੱਚ ਨਸ਼ਿਆਂ ਨੂੰ ਰੋਕਣ ਲਈ ਕੇਂਦਰ ਸਰਕਾਰ ਵੱਲੋਂ 12 ਸਾਲਾਂ ਵਿੱਚ ਕੀਤੇ ਕੰਮਾਂ ਦਾ ਹਿਸਾਬ ਦੇਣ।
ਭਾਜਪਾ ਜਵਾਬਦੇਹੀ ਤੋਂ ਭੱਜ ਨਹੀਂ ਸਕਦੀ: ਬਾਜਵਾ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਸੰਕਟ ’ਤੇ ਅਚਾਨਕ ਚਿੰਤਾ ਜ਼ਾਹਰ ਕਰਕੇ ਨਸ਼ਿਆਂ ਅਤੇ ਸੰਗਠਿਤ ਅਪਰਾਧ ਨਾਲ ਨਜਿੱਠਣ ਦੇ ਆਪਣੇ ਰਿਕਾਰਡ ਬਾਰੇ ਉੱਠ ਰਹੇ ਸਵਾਲਾਂ ਤੋਂ ਭੱਜ ਨਹੀਂ ਸਕਦੀ, ਜੇ ਕੇਂਦਰੀ ਗ੍ਰਹਿ ਮੰਤਰੀ ਖ਼ੁਦ ਇਹ ਮੰਨ ਰਹੇ ਹਨ ਕਿ ਪੰਜਾਬ ਨਸ਼ਿਆਂ ਦੇ ਗੰਭੀਰ ਸੰਕਟ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਨਾਲ ਜੂਝ ਰਿਹਾ ਹੈ ਤਾਂ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਕੀ ਕੀਤਾ ਹੈ।
ਲੋਕਾਂ ਦਾ ਧਿਆਨ ਭਟਕਾਉਣਾ ਬੰਦ ਕਰੇ ‘ਆਪ’: ਪਰਗਟ ਸਿੰਘ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਮੌਜੂਦਾ ਹਾਲਾਤ ਕਰਕੇ ‘ਆਪ’ ਵਿੱਚ ਬੇਚੈਨੀ ਲਗਾਤਾਰ ਵਧਦੀ ਜਾ ਰਹੀ ਹੈ। ਇਸੇ ਕਰਕੇ ‘ਆਪ’ ਵੱਲੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਅਤੇ ਉਨ੍ਹਾਂ ਦੇ ਗੁੱਸੇ ਨੂੰ ਕਿਸੇ ਸੰਗਠਿਤ ਅੰਦੋਲਨ ਦਾ ਨਾਮ ਦੇ ਕੇ ਖਾਰਜ ਨਹੀਂ ਕੀਤਾ ਜਾ ਸਕਦਾ। ਪੰਜਾਬ ਦੇ ਲੋਕ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿਚਲੇ ਫ਼ਰਕ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਸਰਕਾਰ ਨੂੰ ਪ੍ਰਚਾਰ ਦੀ ਰਾਜਨੀਤੀ ਛੱਡ ਕੇ ਨਸ਼ਿਆਂ ਵਿਰੁੱਧ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨੀ ਚਾਹੀਦੀ ਹੈ। ਪਰਗਟ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਟਿੱਪਣੀ ’ਤੇ ਮੋੜਵਾਂ ਜਵਾਬ ਦਿੰਦਿਆ ਕਿਹਾ ਕਿ ਅੱਜ ਪੰਜਾਬ ਵਿੱਚ ਚੋਣਾਂ ਨਜ਼ਦੀਕ ਆਉਣ ’ਤੇ ਅਮਿਤ ਸ਼ਾਹ ਬੋਲ ਰਹੇ ਹਨ, ਜਦੋਂ ਕਿ 13 ਸਾਲ ਤੱਕ ਉਨ੍ਹਾਂ ਨੇ ਚੁੱਪ ਧਾਰੀ ਰੱਖੀ ਹੈ।

