ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਦਸੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਿਸਾਨ ਵਿੰਗ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਖੱਟੜਾਂ (ਸਮਰਾਲਾ) ਦੇ ਕਿਸਾਨ ਗੱਜਣ ਸਿੰਘ ਦੇ ਪਰਿਵਾਰ ਲਈ 2 ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਰਦੀ ਅਤੇ ਹਾਦਸਿਆਂ ਦੌਰਾਨ ਕਿਸਾਨਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ, ਪਰ ਮੋਦੀ ਸਰਕਾਰ ਆਪਣੀ ਜ਼ਿੱਦ ਛੱਡਣ ਲਈ ਤਿਆਰ ਨਹੀਂ ਹੈ। ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਤੋਂ ਮੰਗ ਕੀਤੀ ਕਿ ਜੇਕਰ ਅੰਦੋਲਨ ਦੌਰਾਨ ਕੋਈ ਵੀ ਕਿਸਾਨ ਸ਼ਹੀਦੀ ਪਾਉਂਦਾ ਹੈ ਤਾਂ ਉਸ ਸ਼ਹੀਦ ਕਿਸਾਨ ਦੇ ਪਰਿਵਾਰ ’ਚੋਂ ਇੱਕ ਮੈਂਬਰ ਲਈ ਸਰਕਾਰੀ ਨੌਕਰੀ, ਸੰਪੂਰਨ ਕਰਜ਼ਾ ਮੁਆਫ਼ੀ ਅਤੇ ਢੁੱਕਵਾਂ ਮੁਆਵਜ਼ਾ ਐਲਾਨਿਆ ਜਾਵੇ।