ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਨਵੰਬਰ
ਰਾਜਸਥਾਨ ਸਰਕਾਰ ਵੱਲੋਂ ਇਸਤਿਹਾਰਬਾਜ਼ੀ ’ਤੇ ਕੀਤੀ ਜਾ ਰਹੀ ਟੈਕਸਦਾਤਾਵਾਂ ਦੇ ਪੈਸੇ ਦੀ ਫਜ਼ੂਲ ਖਰਚੀ ਲਈ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਘੇਰਿਆ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਕ ਮੀਡੀਆ ਰਿਪੋਰਟ ਅਨੁਸਾਰ ਰਾਜਸਥਾਨ ਦੀ ਕਾਂਗਰਸ ਸਰਕਾਰ ਨੇ ਦੇਸ਼ ਭਰ ਵਿੱਚ ਮੀਡੀਆ ਇਸ਼ਤਿਹਾਰਾਂ ’ਤੇ ਸਭ ਤੋਂ ਵੱਧ ਰਕਮ ਖਰਚ ਕੀਤੀ ਹੈ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਨੂੰ ਪੁੱਛਿਆ ਕਿ ਉਹ ਆਪਣੀ ਪਾਰਟੀ ਨੂੰ ਪੁੱਛਣ ਕਿ ਰਾਜਸਥਾਨ ਸਰਕਾਰ ਨੇ ਆਪਣੇ ਫਰਜ਼ੀ ਪ੍ਰਚਾਰ ਲਈ ਹੁਣ ਤੱਕ ਕਿੰਨੇ ਪੈਸੇ ਦੀ ਦੁਰਵਰਤੋਂ ਕੀਤੀ ਹੈ। ਸ੍ਰੀ ਕੰਗ ਨੇ ਟਵੀਟ ਕਰਦਿਆਂ ਕਿਹਾ ਕਿ ਰਾਜਸਥਾਨ ਸਰਕਾਰ ਦਾ ‘ਪਬਲੀਸਿਟੀ ਬਲਿਟਜ਼ਕ੍ਰੇਗ’ ਇਸ਼ਤਿਹਾਰਬਾਜ਼ੀ ਵਿੱਚ ‘ਪੀਆਰ ਕਿੰਗ ਮੋਦੀ’ ਨੂੰ ਸਖ਼ਤ ਮੁਕਾਬਲਾ ਦੇ ਰਿਹਾ ਹੈ। ਰਾਜਸਥਾਨ ਸਰਕਾਰ ਨੇ ਮਹੀਨੇ ਵਿੱਚ ਸਾਰੇ ਪ੍ਰਮੁੱਖ ਰਾਸ਼ਟਰੀ ਅਖਬਾਰਾਂ ਵਿੱਚ ਪੂਰੇ-ਪੂਰੇ ਪੰਨਿਆਂ ਦੇ ਇਸ਼ਤਿਹਾਰ ਦਿੱਤੇ ਹਨ।