DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੈਂਡ ਪੂਲਿੰਗ ਵਿਰੁੱਧ ‘ਆਪ’ ਦੇ ਬਲਾਕ ਪ੍ਰਧਾਨ ਵੱਲੋਂ ਅਸਤੀਫ਼ਾ

ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵੀ ਛੱਡੀ
  • fb
  • twitter
  • whatsapp
  • whatsapp
Advertisement

ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਲਹਿਰਾਗਾਗਾ ਤੋਂ ‘ਆਪ’ ਦੇ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਗੁਰੀ ਚਹਿਲ ਨੇ ਆਪਣੇ ਅਹੁਦੇ ਦੇ ਨਾਲ-ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਾ ਦੇਣ ਮਗਰੋਂ ਮੀਡੀਆ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਗੁਰੀ ਚਹਿਲ ਨੇ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਨੂੰ ਪੰਜਾਬ ਅਤੇ ਕਿਸਾਨਾਂ ਲਈ ਘਾਤਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਹੋਣ ਦੇ ਨਾਤੇ ਉਹ ਕਿਸਾਨਾਂ ਦੇ ਦਰਦ ਨੂੰ ਸਮਝਦੇ ਹਨ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਦੇ ਤਹਿਤ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਲੈ ਕੇ ਵੱਡੇ-ਵੱਡੇ ਕਾਰਪੋਰੇਟ ਘਰਾਣਿਆਂ ਨੂੰ ਦੇਵੇਗੀ। ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਇਸ ਨੀਤੀ ਦੇ ਤਹਿਤ ਕਿਸਾਨਾਂ ਦੀ ਜ਼ਮੀਨ ਵੀ ਜਾਵੇਗੀ ਤੇ ਉਨ੍ਹਾਂ ਨੂੰ ਪੈਸੇ ਵੀ ਨਹੀਂ ਮਿਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਲੈਂਡ ਪੂਲਿੰਗ ਨੀਤੀ ਦਾ ਵਿਰੋਧ ਕਰ ਰਿਹਾ ਹੈ ਅਤੇ ਇਹ ਵਿਰੋਧ ਲੋਕ ਲਹਿਰ ਵਿੱਚ ਬਦਲ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਕਤ ਨੀਤੀ ਉੱਪਰ ਦੁਬਾਰਾ ਵਿਚਾਰ ਕਰਦੇ ਹੋਏ ਇਸ ਨੂੰ ਵਾਪਸ ਲੈਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਕਿਸਾਨ ਖੁਸ਼ਹਾਲੀ ਨਾਲ ਵੱਸ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਪੰਜਾਬ ਦੇ ਕਿਸਾਨ ਦੇਸ਼ ਦੇ ਅੰਨਦਾਤਾ ਕਹਾਉਂਦੇ ਹਨ ਪਰ ਦੂਜੇ ਪਾਸੇ ਸਰਕਾਰ ਲੈਂਡ ਪੂਲਿੰਗ ਵਰਗੀ ਨੀਤੀ ਲਿਆ ਕੇ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਨੂੰ ਬੇਜ਼ਮੀਨੇ ਕਰਨਾ ਚਾਹੁੰਦੀ ਹੈ, ਜਿਸ ਨੂੰ ਪੰਜਾਬ ਦਾ ਕੋਈ ਵੀ ਵਰਗ ਬਰਦਾਸ਼ਤ ਨਹੀਂ ਕਰੇਗਾ।

Advertisement
Advertisement
×