ਦਵਿੰਦਰ ਪਾਲ
ਚੰਡੀਗੜ੍ਹ, 15 ਫਰਵਰੀ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਸੱਤਾ ਪ੍ਰਾਪਤੀ ਲਈ ਪਾਣੀ ਦੀ ਤਰ੍ਹਾਂ ਕਰੋੜਾਂ ਰੁਪਏ ਵਹਾ ਰਹੇ ਆਮ ਆਦਮੀ ਪਾਰਟੀ, ਕਾਂਗਰਸ ਜਾਂ ਬਾਦਲ ਦਲ ਜੇਕਰ ਸਰਕਾਰ ਬਣਾ ਗਏ ਤਾਂ ਇਹ ਲੋਕ ਪੰਜਾਬ ਨੂੰ ਪੂਰੀ ਤਰ੍ਹਾਂ ਲੁੱਟਣਗੇ ਤੇ ਪੰਜਾਬ ਨੂੰ ਤਬਾਹ ਕਰ ਦੇਣਗੇ। ਇੱਕ ਬਿਆਨ ਰਾਹੀਂ ਉਨ੍ਹਾਂ ਭਾਰਤੀ ਚੋਣ ਕਮਿਸ਼ਨ ਤੋਂ ਵਿਧਾਨ ਸਭਾ ਚੋਣਾਂ ਦੌਰਾਨ ਬੇਹਿਸਾਬ ਪੈਸਾ ਖਰਚ ਕਰਨ ਵਾਲੀਆਂ ਸਿਆਸੀ ਪਾਰਟੀਆਂ ਵਿਰੁੱਧ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨੇ ਪਾਰਟੀਆਂ ’ਚੋਂ ਜੇ ਕੋਈ ਸੱਤਾ ਵਿੱਚ ਆਉਂਦਾ ਹੈ ਤਾਂ ਉਹ ਚੋਣ ਪ੍ਰਚਾਰ ’ਤੇ ਖਰਚ ਹੋ ਰਹੇ ਆਪਣੇ ਸਾਰੇ ਪੈਸੇ ਦੀ ਭਰਪਾਈ ਪੰਜਾਬ ਦੇ ਲੋਕਾਂ ਤੋਂ ਕਰਨਗੇ। ਸੁਖਦੇਵ ਸਿੰਘ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮੁੜ ਸੱਤਾ ਵਿੱਚ ਆਈ ਤਾਂ ਚੰਨੀ ਸਰਕਾਰ ਭ੍ਰਿਸ਼ਟਾਚਾਰ ਦੇ ਸਾਰੇ ਰਿਕਾਰਡ ਤੋੜ ਦੇਵੇਗੀ। ਢੀਂਡਸਾ ਨੇ ਕਿਹਾ ਕਿ ਕਰੋਨਾ ਕਾਲ ਵਿੱਚ ਅਰਵਿੰਦ ਕੇਜਰੀਵਾਲ ਨੇ ਜਿੰਨਾ ਪੈਸਾ ਆਪਣੀ ਸਰਕਾਰ ਦੇ ਪ੍ਰਚਾਰ ਕਰਨ ’ਤੇ ਲਾਇਆ ਹੈ, ਜੇਕਰ ਉਨਾ ਪੈਸਾ ਉਹ ਦਿੱਲੀ ਵਿੱਚ ਸਿਹਤ ਸਹੂਲਤਾਂ ਦੇ ਸੁਧਾਰ ’ਤੇ ਲਗਾਉਂਦੇ ਤਾਂ ਦਿੱਲੀ ਵਿੱਚ ਕਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਬਹੁਤ ਘੱਟ ਹੋਣੀ ਸੀ। ਢੀਂਡਸਾ ਨੇ ਕਿਹਾ ਕਿ ਪੈਸੇ ਦੇ ਜ਼ੋਰ ’ਤੇ ਸੱਤਾ ਹਾਸਲ ਕਰਨ ਦੇ ਚਾਹਵਾਨ ਸੁਖਬੀਰ ਸਿੰਘ ਬਾਦਲ ਦਾ ਵੀ ਇਕ ਹੀ ਟੀਚਾ ਹੈ ਕਿ ਉਹ ਮੁੱਖ ਮੰਤਰੀ ਬਣ ਕੇ ਦੁਬਾਰਾ ਇਕ ਵਾਰ ਫਿਰ ਪੰਜਾਬ ਦੇ ਲੋਕਾਂ ਨੂੰ ਲੁੱਟ ਸਕੇ।