‘ਆਪ’ ਨੇ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ: ਕੇਜਰੀਵਾਲ
ਭਗਵੰਤ ਮਾਨ ਤੇ ਕੇਜਰੀਵਾਲ ਨੇ ‘ਰੌਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ
ਜਸਬੀਰ ਸਿੰਘ ਚਾਨਾ
‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੀ ਜਾਇਦਾਦ ਕੁਝ ਪੂੰਜੀਪਤੀਆਂ ਨੂੰ ਕੌਡੀਆਂ ਦੇ ਭਾਅ ਵੇਚੀ ਜਾ ਰਹੀ ਹੈ ਪਰ ਇਸ ਦੇ ਉਲਟ ਪੰਜਾਬ ਸਰਕਾਰ ਨੇ ਨਿੱਜੀ ਕੰਪਨੀ ਕੋਲੋਂ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ। ਸ੍ਰੀ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ‘ਰੌਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਜਾਂ ਸੂਬੇ ਦੀ ਕਿਸੇ ਵੀ ਸਰਕਾਰ ਨੇ ਕਦੇ ਇਸ ਅਹਿਮ ਕਦਮ ਬਾਰੇ ਸੁਫ਼ਨੇ ’ਚ ਵੀ ਨਹੀਂ ਸੀ ਸੋਚਿਆ ਪਰ ‘ਆਪ’ ਸਰਕਾਰ ਨੇ ਇਹ ਇਤਿਹਾਸਕ ਪਹਿਲਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਉਦਯੋਗਾਂ ਨੂੰ ਦੇਸ਼ ’ਚ ਚੌਥੇ ਨੰਬਰ ’ਤੇ ਸਭ ਤੋਂ ਘੱਟ ਦਰਾਂ ’ਤੇ ਬਿਜਲੀ ਮਿਲ ਰਹੀ ਹੈ। ਇਸ ਤੋਂ ਇਲਾਵਾ ਖੇਤੀਬਾੜੀ ਖੇਤਰ ਨੂੰ ਨਿਰਵਿਘਨ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਪੰਜਾਬ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵੇਗੀ। ਉਨ੍ਹਾਂ ਕਿਹਾ ਕਿ ਇਹ ਯੋਜਨਾ 2026 ਤੱਕ ਪੂਰੀ ਹੋਣ ਦੀ ਉਮੀਦ ਹੈ। ਸ੍ਰੀ ਮਾਨ ਨੇ ਦੱਸਿਆ ਕਿ 13 ਨਗਰ ਨਿਗਮਾਂ ’ਚ ਐੱਲ ਟੀ ਨੈੱਟਵਰਕ ਸੁਧਾਰ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਮੁਹਾਲੀ ’ਚ 1912 ਹੈਲਪਲਾਈਨ ਨੰਬਰ ਨਾਲ ਨਵਾਂ ਕਾਲ ਸੈਂਟਰ ਸਥਾਪਿਤ ਕੀਤਾ ਗਿਆ ਹੈ, ਜੋ 24 ਘੰਟੇ ਖ਼ਪਤਕਾਰਾਂ ਦੀ ਸਹਾਇਤਾ ਕਰੇਗਾ। ਉਨ੍ਹਾਂ ਕਿਹਾ ਕਿ 90 ਫ਼ੀਸਦੀ ਘਰਾਂ ਦਾ ਬਿਜਲੀ ਬਿੱਲ ਹੁਣ ਜ਼ੀਰੋ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 2015 ਤੋਂ ਬੰਦ ਪਈ ਪਛਵਾੜਾ ਕੋਲਾ ਖਾਣ ਦੁਬਾਰਾ ਚੱਲ ਪਈ ਹੈ। ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਸੰਜੀਵ ਅਰੋੜਾ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਵੀ ਸ਼ਾਮਲ ਸਨ।