ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਸਤੰਬਰ
‘ਆਪ’ ਪੰਜਾਬ ਨੇ ਕਾਂਗਰਸ ਦੇ 40 ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਤੋਂ ਬਾਅਦ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਤੋਂ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਤੋਂ ਸਦਨ ’ਚ ਬਹੁਮੱਤ ਸਿੱਧ ਕਰਵਾਇਆ ਜਾਵੇ। ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਆਪਣੀ ਕਾਰਜਸ਼ੈਲੀ ਕਰਕੇ ਜ਼ਿਆਦਾਤਰ ਕਾਂਗਰਸੀ ਵਿਧਾਇਕਾਂ ਦਾ ਭਰੋਸਾ ਗੁਆ ਚੁੱਕੇ ਹਨ ਤੇ ਘੱਟ ਗਿਣਤੀ ’ਚ ਹੋਣ ਕਾਰਨ ਕੈਪਟਨ ਨੂੰ ਸਰਕਾਰ ’ਚ ਬਣੇ ਰਹਿਣ ਦਾ ਨੈਤਿਕ ਤੇ ਸੰਵਿਧਾਨਕ ਹੱਕ ਨਹੀਂ ਹੈ। ਚੀਮਾ ਨੇ ਕਿਹਾ ਸੂਬੇ ’ਚ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਾਰਾਜ਼ ਕਈ ਕਾਂਗਰਸੀ ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸਦਨ ’ਚ ਤੁਰੰਤ ਫਲੋਰ ਟੈਸਟ ਕਰਾਉਣਾ ਚਾਹੀਦਾ ਹੈ।