ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੂਨ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਅਤੇ ਪੰਜਾਬ ਵਿਰੋਧੀ ਤਿੰਨਾਂ ਆਰਡੀਨੈਂਸਾਂ ਵਿਰੁੱਧ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ‘ਆਪ’ ਵਫ਼ਦ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਮੰਗ ਪੱਤਰ ਸੌਂਪਿਆ ਤੇ ਮੁੰਖ ਮੰਤਰੀ ਨੂੰ ਪੱਤਰ ਲਿਖਿਆ। ਸ੍ਰੀ ਚੀਮਾ ਨੇ ਕਿਹਾ ਕਿ ਮੋਦੀ ਕੈਬਨਿਟ ਵੱਲੋਂ ਖੇਤੀ ਸੁਧਾਰਾਂ ਦੇ ਨਾਂ ’ਤੇ 5 ਜੂਨ ਨੂੰ ਲਿਆਂਦੇ ਤਿੰਨੋਂ ਆਰਡੀਨੈਂਸ ਸੂਬੇ ਦੇ ਅਧਿਕਾਰਾਂ ’ਤੇ ਸਿੱਧਾ ਹਮਲਾ ਹਨ। ਇਸ ਲਈ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਮਤਾ ਪਾਸ ਕੀਤਾ ਜਾਵੇ ਤਾਂ ਕਿ ਕੇਂਦਰ ਸਰਕਾਰ ਇਹ ਫ਼ੈਸਲਾ ਵਾਪਸ ਲੈਣ ਲਈ ਮਜਬੂਰ ਹੋ ਜਾਵੇ। ‘ਆਪ’ ਆਗੂਆਂ ਨੇ ਇਸ ਵਿਸ਼ੇਸ਼ ਸੈਸ਼ਨ ਦੇ ਲਾਈਵ ਟੈਲੀਕਾਸਟ ਦੀ ਮੰਗ ਕੀਤੀ ਤਾਂ ਜੋ ਰਵਾਇਤੀ ਸੱਤਾਧਾਰੀ ਦਲਾਂ ਦੀ ਭੂਮਿਕਾ ਬਾਰੇ ਲੋਕਾਂ ਨੂੰ ਪਤਾ ਲੱਗ ਸਕੇ।