ਮਨੋਜ ਸ਼ਰਮਾ
ਬਠਿੰਡਾ, 5 ਮਈ
ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਪਾਰਟੀ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਕਿਹਾ ਕਿ ‘ਆਪ’ ਨੇ ਪੰਜਾਬ ਵਿੱਚ ਕੋਈ ਵੱਡਾ ਪ੍ਰਾਜੈਕਟ ਨਹੀਂ ਲਿਆਂਦਾ ਜਦਕਿ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਨੂੰ ਨਮੂਨੇ ਦਾ ਹਲਕਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਅਕਾਲੀ ਸਰਕਾਰਾਂ ਨੇ ਨਾ ਸਿਰਫ ਇਸ ਹਲਕੇ ਵਿਚ ਰਿਫਾਈਨਰੀ ਸਥਾਪਿਤ ਕਰਵਾਈ ਸਗੋਂ ਇਥੇ ਏਮਸ ਅਤੇ ਕੇਂਦਰੀ ਯੂਨੀਵਰਸਿਟੀ ਵੀ ਲਿਆਂਦੀ। ਇਸੇ ਤਰ੍ਹਾਂ ਕੈਂਸਰ ਹਸਪਤਾਲ ਖੋਲ੍ਹਣ ਦੇ ਨਾਲ-ਨਾਲ ਮਹਾਰਾਜਾ ਰਣਜੀਤ ਸਿੰਘ ਤਕਨੀਕੀ ਯੂਨੀਵਰਸਿਟੀ ਸਥਾਪਿਤ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ‘ਆਪ’ ਬਠਿੰਡਾ ਨੂੰ ਇਕ ਦਹਾਕਾ ਪਿੱਛੇ ਲੈ ਗਈਆਂ ਹਨ। ਤਤਕਾਲੀ ਕਾਂਗਰਸ ਸਰਕਾਰ ਦੀ ਇਕਲੌਤੀ ਪ੍ਰਾਪਤੀ ਬਠਿੰਡਾ ਥਰਮਲ ਪਲਾਂਟ ਬੰਦ ਕਰਵਾਉਣਾ ਹੈ। ਇਸੇ ਤਰ੍ਹਾਂ ‘ਆਪ’ ਸਰਕਾਰ ਨੇ ਸ਼ਹਿਰ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਹੈ। ਬਠਿੰਡਾ ਦੇ ਸਾਰੇ ਸਿਵਲ ਬੁਨਿਆਦੀ ਢਾਂਚੇ ਦਾ ਬੁਰਾ ਹਾਲ ਹੈ। ਬਰਸਾਤਾਂ ਦੌਰਾਨ ਵਾਰ-ਵਾਰ ਆਉਂਦੇ ਹੜ੍ਹਾਂ ਦੇ ਮਸਲੇ ਦੇ ਹੱਲ ਲਈ ਵੀ ਕੁਝ ਨਹੀਂ ਕੀਤਾ ਗਿਆ। ਇਸ ਮੌਕੇ ਬਠਿੰਡਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਇਕਬਾਲ ਸਿੰਘ ਬੱਬਲੀ ਢਿੱਲੋਂ, ਮੋਹਿਤ ਗੁਪਤਾ ਅਤੇ ਬਲਬੀਰ ਸਿੰਘ ਵੀ ਹਾਜ਼ਰ ਸਨ।