ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੂਨ
ਸੰਗਰੂਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਚੰਡੀਗੜ੍ਹ ’ਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕਰਕੇ ਜ਼ਿਮਨੀ ਚੋਣ ਬਾਰੇ ਰਣਨੀਤੀ ਉਲੀਕੀ। ਜਾਣਕਾਰੀ ਅਨੁਸਾਰ ਭਗਵੰਤ ਮਾਨ ਤੇ ਜਰਨੈਲ ਸਿੰਘ ਨੇ ਇਸ ਜ਼ਿਮਨੀ ਚੋਣ ਵਿੱਚ ਜਿੱਤ ਯਕੀਨੀ ਬਣਾਉਣ ਲਈ 10-10 ਵਿਧਾਇਕਾਂ ਨੂੰ ਇਕ-ਇਕ ਵਿਧਾਨ ਸਭਾ ਹਲਕੇ ਵਿੱਚ ਤਾਇਨਾਤ ਕਰ ਦਿੱਤਾ ਹੈ। ਇਸ ਤੋਂ ਇਲਾਵਾ ਵਿਧਾਇਕਾਂ ਨੂੰ ਲੋਕਾਂ ਵਿੱਚ ਜਾ ਕੇ ਪਾਰਟੀ ਦੇ ਢਾਈ ਮਹੀਨਿਆਂ ਦੀ ਕਾਰਗੁਜ਼ਾਰੀ ਬਾਰੇ ਜਾਣੂ ਕਰਵਾਉਣ ਲਈ ਕਿਹਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਆਪ’ ਵਿਧਾਇਕਾਂ ਨੂੰ ਚੋਣਾਂ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂਆਂ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਕੀਤੇ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ। ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਸੰਗਰੂਰ ਲੋਕ ਸਭਾ ਸੀਟ ’ਤੇ ‘ਆਪ’ ਪਾਰਟੀ ਵੱਡੇ ਫਰਕ ਨਾਲ ਸਾਲ 2014 ਤੋਂ ਜਿੱਤਦੀ ਆ ਰਹੀ ਹੈ ਤੇ ਇਸ ਵਾਰ ਪੁਰਾਣੇ ਸਾਰੇ ਰਿਕਾਰਡ ਤੋੜਾਂਗੇ। ਉਨ੍ਹਾਂ ਕਿਹਾ ਕਿ ਪਿਛਲੇ ਢਾਈ ਮਹੀਨਿਆਂ ’ਚ ਭਗਵੰਤ ਮਾਨ ਦੀ ਸਰਕਾਰ ਨੇ ਬਹੁਤ ਕੰਮ ਕੀਤੇ ਹਨ। ਇਨ੍ਹਾਂ ਕੰਮਾਂ ਨੂੰ ਦੇਖ ਕੇ ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ’ਤੇ ਵਧਿਆ ਹੈ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਉਮੀਦਵਾਰ ਗੁਰਮੇਲ ਸਿੰਘ ਨੇ ਕਿਹਾ ਕਿ ਸੰਗਰੂਰ ‘ਆਪ’ ਦੀ ਰਾਜਧਾਨੀ ਹੈ। ਸੰਗਰੂਰ ਦੇ ਲੋਕਾਂ ਨੇ ਪੰਜਾਬ ’ਚ ਆਮ ਆਦਮੀ ਪਾਰਟੀ ਦੇ ਨਾਮ ਦਾ ਪੌਦਾ ਲਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜ਼ਿਮਨੀ ਚੋਣ ’ਚ ਪਾਰਟੀ ਮੁੜ ਜਿੱਤ ਹਾਸਲ ਕਰੇਗੀ।