‘ਆਪ’ ਸਰਕਾਰ ’ਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਦੇ ਦੋਸ਼
ਸੁਨੀਲ ਜਾਖਡ਼ ਨੇ ਮਾਨਸਾ ਵਾਰਦਾਤ ਅਤੇ ਡਰੱਗ ਇੰਸਪੈਕਟਰ ਦੀ ਬਹਾਲੀ ਮਾਮਲੇ ’ਚ ਸਰਕਾਰ ਨੂੰ ਘੇਰਿਆ
ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ‘ਆਪ’ ਸਰਕਾਰ ’ਤੇ ਨਸ਼ੇ ਰੋਕਣ ਦੀ ਥਾਂ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਦੇ ਦੋਸ਼ ਲਾਏ ਹਨ। ਸੁਨੀਲ ਜਾਖੜ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ 2024 ਵਿੱਚ ਜਿਸ ਡਰੱਗ ਇੰਸਪੈਕਟਰ ਨੂੰ ਨਸ਼ੇ ਦੇ ਗਰੋਹ ਦਾ ਮੁਖੀ ਦੱਸ ਕੇ ਕਾਬੂ ਕੀਤਾ ਗਿਆ ਸੀ, ਉਸੇ ਨੂੰ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਮਹੱਤਵਪੂਰਨ ਅਹੁਦੇ ’ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਨੇ ਇਹ ਮਾਮਲਾ ਮਨੀ ਲਾਂਡਰਿੰਗ ਦਾ ਹੋਣ ਦੇ ਬਾਵਜੂਦ ਇਸ ਦੀ ਜਾਂਚ ਈ ਡੀ ਨੂੰ ਨਹੀਂ ਸੌਂਪੀ। ਉਨ੍ਹਾਂ ਮਾਨਸਾ ਘਟਨਾ, ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਡਰੱਗ ਇੰਸਪੈਕਟਰ ਦੀ ਬਹਾਲੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ ਜੀ ਪੀ ’ਤੇ ਤਿੱਖੇ ਹਮਲੇ ਕੀਤੇ। ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਇਕ ਡਰੱਗ ਇੰਸਪੈਕਟਰ ਨੂੰ ਸਤੰਬਰ 2024 ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਕਥਿਤ ਤੌਰ ’ਤੇ ਜੇਲ੍ਹਾਂ ਵਿੱਚ ਬੰਦ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਅਤੇ ਡਰੱਗ ਮਨੀ ਲਾਂਡਰਿੰਗ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਨੇ ਮਾਮਲੇ ਦੀ ਜਾਂਚ ਦੌਰਾਨ 24 ਬੈਂਕ ਖਾਤਿਆਂ ਵਿੱਚ 7.09 ਕਰੋੜ ਰੁਪਏ ਦੀ ਰਕਮ ਫਰੀਜ਼ ਕੀਤੀ ਅਤੇ ਦੋ ਲਾਕਰਾਂ ਵਿੱਚੋਂ 1.149 ਕਰੋੜ ਰੁਪਏ ਦੀ ਨਕਦੀ, ਲਗਭਗ 260 ਗ੍ਰਾਮ ਸੋਨਾ ਅਤੇ ਵਿਦੇਸ਼ੀ ਕਰੰਸੀ ਮਿਲਣ ਦਾ ਦਾਅਵਾ ਕੀਤਾ। ਇਸ ਤੋਂ ਇਲਾਵਾ ਜ਼ੀਰਕਪੁਰ ਅਤੇ ਰਾਜਸਥਾਨ ਵਿੱਚ ਰੀਅਲ ਅਸਟੇਟ ਨਾਲ ਸਬੰਧਤ ਜਾਇਦਾਦਾਂ ਦਾ ਵੀ ਜ਼ਿਕਰ ਕੀਤਾ।
ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਭਲਕੇ ਨਸ਼ਿਆਂ ਸਬੰਧੀ ਕਾਰਵਾਈ ਦੀ ਨਜ਼ਰਸਾਨੀ ਕਰਨ ਤਾਂ ਇਹ ਵੀ ਪਤਾ ਲਗਾਉਣ ਕਿ ਇਸ ਡਰੱਗ ਇੰਸਪੈਕਟਰ ਨੂੰ ਮੁੜ ਤੋਂ ਅਹਿਮ ਅਹੁਦੇ ’ਤੇ ਕਿਸ ਨੇ ਤਾਇਨਾਤ ਕੀਤਾ। ਉਨ੍ਹਾਂ ਸਵਾਲ ਕੀਤਾ ਕਿ ਇਸ ਕੇਸ ਦੀ ਜਾਂਚ ਵਿੱਚ ਈ ਡੀ ਨੂੰ ਸ਼ਾਮਲ ਕਿਉਂ ਨਹੀਂ ਕੀਤਾ ਗਿਆ? ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਟਾਸਕ ਫੋਰਸ, ਅਪਰੇਸ਼ਨ ਕਲੀਨ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਵਰਗੀਆਂ ਮੁਹਿੰਮਾਂ ਚਲਾਈਆਂ ਗਈਆਂ, ਪਰ ਸਰਕਾਰ ਨੂੰ ਇਨ੍ਹਾਂ ਮੁਹਿੰਮਾਂ ਦੇ ਨਤੀਜਿਆਂ ਦਾ ਸਪੱਸ਼ਟ ਹਿਸਾਬ ਦੇਣਾ ਚਾਹੀਦਾ ਹੈ।

