ਸਰਬਜੀਤ ਸਿੰਘ ਭੰਗੂ
ਪਟਿਆਲਾ, 8 ਜੁਲਾਈ
ਪੰਜਾਬ ਦੇ ਨਵੇਂ ਬਣੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਿੱਖਿਆ ਦੀ ਤਰ੍ਹਾਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਆਪਣੇ ਇਸ ਟੀਚੇ ਦੀ ਪੂਰਤੀ ਲਈ ਸਰਕਾਰ ਦਿਨ-ਰਾਤ ਕੰਮ ਕਰ ਰਹੀ ਹੈ ਕਿਉਂਕਿ ਸਿਹਤ ਪੱਖੋਂ ਤੰਦਰੁਸਤ ਲੋਕ ਹੀ ਨਰੋਏ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਕਰ ਸਕਦੇ ਹਨ। ਉਹ ਕੈਬਨਿਟ ਮੰਤਰੀ ਦਾ ਚਾਰਜ ਸੰਭਾਲਣ ਮਗਰੋਂ ਅੱਜ ਪਟਿਆਲਾ ਆਏ ਸਨ। ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪਟਿਆਲਾ ਪਹੁੰਚੇ ਸ੍ਰੀ ਜੌੜਾਮਾਜਰਾ ਨੂੰ ਸਥਾਨਕ ਸਰਕਟ ਹਾਊਸ ਵਿੱਚ ਪੁਲੀਸ ਦੀ ਟੁਕੜੀ ਨੇ ਸਲਾਮੀ ਦਿੱਤੀ। ਇਸ ਦੌਰਾਨ ਸਿਹਤ ਮੰਤਰੀ ਨੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਦੀ ਹਰ ਸੰਭਵ ਕੋਸ਼ਿਸ਼ ਹੈ ਕਿ ਲੋਕਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਪੁੱਜਦੀਆਂ ਕੀਤੀਆਂ ਜਾਣ।
ਉਨ੍ਹਾਂ ਮੁਹੱਲਾ ਕਲੀਨਿਕਾਂ ਦੀ ਤਜਵੀਜ਼ ਨੂੰ ਇਸੇ ਕੜੀ ਦਾ ਹਿੱਸਾ ਦੱਸਿਆ। ਇਸ ਮੌਕੇ ਉਨ੍ਹਾਂ ਕੁਝ ਹੋਰ ਨਵੇਂ ਮੈਡੀਕਲ ਕਾਲਜ ਖੋਲ੍ਹਣ ਅਤੇ ਪੁਰਾਣਿਆਂ ਦੀ ਹਾਲਤ ਸੁਧਾਰਨ ਦੀ ਗੱਲ ਵੀ ਆਖੀ। ਮੰਤਰੀ ਨੇ ਕਿਹਾ ਕਿ ਉਹ ਖ਼ੁਦ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਨਸ਼ਾ ਮੁਕਤੀ ਕੇਂਦਰਾਂ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲੈਣਗੇ। ਇਸ ਮੌਕੇ ਸਿਹਤ ਮੰਤਰੀ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਲੋਕ ਪੱਖੀ ਪ੍ਰਸ਼ਾਸਨਿਕ ਸੇਵਾਵਾਂ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਸਣੇ ਬਿਹਤਰ ਸਿਹਤ ਸੇਵਾਵਾਂ ਨੂੰ ਤਰਜੀਹ ਦੇਣ ਦੀ ਤਾਕੀਦ ਕੀਤੀ।