‘ਆਪ’ ਸਰਕਾਰ ਨੇ ਪੰਜਾਬ ਨੂੰ ਲਾਵਾਰਿਸ ਛੱਡਿਆ: ਨਾਇਕ
ਕੇਂਦਰੀ ਰਾਜ ਮੰਤਰੀ ਸ੍ਰੀਪਦ ਨਾਇਕ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਅਣਗੌਲ਼ਿਆ ਕਰ ਰੱਖਿਆ ਹੈ। ਉਨ੍ਹਾਂ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬੇ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਮੰਤਰੀਆਂ ਦੀ ਡਿਊਟੀ ਲਾਈ ਹੋਈ ਹੈ, ਜੋ ਆਪਣੀ ਰਿਪੋਰਟ ਪ੍ਰਧਾਨ ਮੰਤਰੀ ਨੂੰ ਦੇਣਗੇ ਕਿਉਂਕਿ ਪੰਜਾਬ ਨੂੰ ਸੂਬਾ ਸਰਕਾਰ ਦੇ ਸਹਾਰੇ ਨਹੀਂ ਛੱਡਿਆ ਜਾ ਸਕਦਾ।’’ ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਹੁਣ ਤੱਕ ਇਹ ਸਰਵੇਖਣ ਨਹੀਂ ਕਰ ਸਕੀ ਕਿ ਪੰਜਾਬ ਵਿੱਚ ਕਿੰਨਾ ਨੁਕਸਾਨ ਹੋਇਆ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਵੀ ਸਨ। ਉਨ੍ਹਾਂ ਸਨੌਰ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਸਿਰਕੱਪੜਾ, ਰੱਤਾਖੇੜਾ ਅਤੇ ਮਹਿਮੂਦਪੁਰ ਰੁੜਕੀ ਵਿੱਚ ਹੜ੍ਹ ਤੇ ਮੀਂਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡ ਵਾਸੀਆਂ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਸ੍ਰੀਪਦ ਨਾਇਕ ਨੇ ਪ੍ਰਸ਼ਾਸਨ ਨੂੰ ਘਰਾਂ, ਖੇਤੀਬਾੜੀ ਜ਼ਮੀਨਾਂ ਅਤੇ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਵਿਸਤ੍ਰਿਤ ਸਰਵੇਖਣ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਭਰੋਸਾ ਦਿਵਾਇਆ ਕਿ ਰਿਪੋਰਟ ਨਿੱਜੀ ਤੌਰ ’ਤੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਸੌਂਪੀ ਜਾਵੇਗੀ ਅਤੇ ਮੁਆਵਜ਼ਾ ਦਿੱਤਾ ਜਾਵੇਗਾ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਨਾਇਕ ਨੇ ਕਿਹਾ ਕਿ ਟਾਂਗਰੀ ਅਤੇ ਘੱਗਰ ਤੋਂ ਵਾਰ-ਵਾਰ ਆਉਣ ਵਾਲੇ ਹੜ੍ਹਾਂ ਦੇ ਖਤਰਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੂਰੀ ਤਰ੍ਹਾਂ ਪੰਜਾਬ ਅਤੇ ਕਿਸਾਨਾਂ ਨਾਲ ਖੜ੍ਹੀ ਹੈ।
ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਸਨੌਰ ਦੇ ਭਾਜਪਾ ਇੰਚਾਰਜ ਬਿਕਰਮਜੀਤ ਸਿੰਘ ਚਾਹਲ, ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਆਦਿ ਮੌਜੂਦ ਸਨ।