‘ਆਪ’ ਸਰਕਾਰ ਕੋਲ ਕਾਰਗੁਜ਼ਾਰੀ ਦੇ ਨਾਂ ’ਤੇ ਦਿਖਾਉਣ ਲਈ ਕੁਝ ਨਹੀਂ: ਮਜੀਠੀਆ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 15 ਜੂਨ
ਸ਼੍ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਕੋਲ ਕਾਰਗੁਜ਼ਾਰੀ ਦੇ ਨਾਂ ’ਤੇ ਦਿਖਾਉਣ ਵਾਸਤੇ ਕੱਖ ਨਹੀਂ ਹੈ ਪਰ ਉਹ ਝੂਠੇ ਇਸ਼ਤਿਹਾਰਾਂ ’ਤੇ ਪੈਸੇ ਬਰਬਾਦ ਕਰ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।
ਅੱਜ ਇੱਥੇ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਵਿੱਚ ਪਾਰਟੀ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦੇ ਹੱਕ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਮਜੀਠੀਆ ਨੇ ਕਿਹਾ ਕਿ ਸੂਬੇ ਦੇ ਸਾਰੇ ਬਹੁ-ਗਿਣਤੀ ਪ੍ਰਾਜੈਕਟ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸਰਕਾਰ ਵੇਲੇ ਬਣੇ ਸਨ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਕੋਈ ਵੀ ਪ੍ਰਾਜੈਕਟ ਸ਼ੁਰੂ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸਵਾਲ ਕੀਤਾ ਕਿ ਕੀ ਉਨ੍ਹਾਂ ਨੇ ਕਦੇ ਵੀ ਭਗਵੰਤ ਮਾਨ ਜਾਂ ਅਰਵਿੰਦ ਕੇਜਰੀਵਾਲ ਨੂੰ ਕਿਸੇ ਇਕ ਵੀ ਪ੍ਰਾਜੈਕਟ ਦਾ ਉਦਘਾਟਨ ਕਰਦਿਆਂ ਦੇਖਿਆ ਹੈ ?
ਭਗਵੰਤ ਮਾਨ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਅੱਗੇ ਪੂਰੀ ਤਰ੍ਹਾਂ ਆਤਮ-ਸਮਰਪਣ ਕਰ ਦਿੱਤਾ ਹੈ ਅਤੇ ਕੇਜਰੀਵਾਲ ਹੀ ਸੂਬੇ ਵਿੱਚ ਮਨਮਰਜ਼ੀ ਚਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਝੂਠੇ ਇਸ਼ਤਿਹਾਰਾਂ ’ਤੇ 800 ਕਰੋੜ ਰੁਪਏ ਸਾਲਾਨਾ ਖਰਚ ਕਰ ਰਹੀ ਹੈ। ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਇਸ਼ਤਿਹਾਰਾਂ ਲਈ ਇਹ ਬਜਟ ਤਕਰੀਬਨ 30 ਕਰੋੜ ਰੁਪਏ ਹੁੰਦਾ ਸੀ ਜੋ ਕਾਂਗਰਸ ਸਰਕਾਰ ਵੇਲੇ ਵਧਾ ਕੇ 150 ਕਰੋੜ ਰੁਪਏ ਕਰ ਦਿੱਤਾ ਗਿਆ ਤੇ ਹੁਣ 800 ਕਰੋੜ ਰੁਪਏ ਕਰ ਦਿੱਤਾ ਗਿਆ ਹੈ।
ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪੰਜਾਬ ਕਰਜ਼ਈ ਹੋ ਰਿਹਾ ਹੈ ਅਤੇ ਪੰਜਾਬ ਸਿਰ ਅੱਜ 4 ਲੱਖ ਕਰੋੜ ਰੁਪਏ ਦਾ ਕਰਜ਼ਾ ਚੜ੍ਹ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਭ ਕੁਝ ਦੇਖ ਲਿਆ ਹੈ ਅਤੇ ਹੁਣ ਉਹ ਚੋਣਾਂ ਵਿੱਚ ‘ਆਪ’ ਨੂੰ ਕਰਾਰਾ ਜਵਾਬ ਦੇਣਗੇ। ਇਸ ਮੌਕੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਭੁਪਿੰਦਰ ਸਿੰਘ ਭਿੰਦਾ ਅਤੇ ਡਿੰਪੀ ਪ੍ਰਧਾਨ ਵੀ ਹਾਜ਼ਰ ਸਨ।