ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਅਪਰੈਲ
ਸਹਿਕਾਰਤਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਹੈ ਕਿ ਅਗਲੇ ਦੋ ਵਰ੍ਹਿਆਂ ਦੌਰਾਨ ਪੰਜਾਬ ਵਿੱਚ ਗੰਨੇ ਦੇ ਝਾੜ ਵਿੱਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ ਰੱਖਿਆ ਜਾਵੇਗਾ, ਜਿਸ ਨਾਲ ਕਿਸਾਨਾਂ ਨੂੰ ਪ੍ਰਤੀ ਏਕੜ ਆਮਦਨ ਵਿੱਚ ਕਰੀਬ 36 ਹਜ਼ਾਰ ਤੱਕ ਦਾ ਵਾਧਾ ਹੋੋਵੇਗਾ। ਉਨ੍ਹਾਂ ਦੱਸਿਆ ਕਿ ਖੇਤੀ ਵਿਭਿੰਨਤਾ ਤਹਿਤ ਕਿਸਾਨਾਂ ਨੂੰ ਗੰਨੇ ਦੀਆਂ ਮਿਆਰੀ ਕਿਸਮਾਂ ਦੇ ਸ਼ੁੱਧ ਬੀਜ ਉਪਲੱਬਧ ਕਰਵਾਉਣ ਤੋੋਂ ਇਲਾਵਾ ਗੰਨੇ ਦੀ ਖੇਤੀ ਵਿੱਚ ਆਧੁਨਿਕ ਤਕਨੀਕਾਂ ਬਾਰੇ ਜਾਗਰੂਕ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਗੰਨੇ ਦੇ ਝਾੜ ਵਿੱਚ ਵਾਧਾ ਕਰਨ ਲਈ ਯੋੋਜਨਾ ਤਿਆਰ ਕਰਨ ਹਿੱਤ ਇੱਕ ਟਾਸਕ ਫੋੋਰਸ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਇੰਡੀਅਨ ਕੌਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ, ਕੋੋਇੰਬਟੂਰ ਅਤੇ ਦੇਸ਼ ਪੱਧਰ ਦੇ ਗੰਨਾ ਮਾਹਿਰਾਂ ਤੋੋਂ ਇਲਾਵਾ ਸ਼ੂਗਰਫੈੱਡ, ਪੰਜਾਬ ਦੇ ਨੁਮਾਇੰਦੇ ਨੂੰ ਸ਼ਾਮਲ ਕੀਤਾ ਗਿਆ ਹੈ। ਟਾਸਕਫੋੋਰਸ ਨੂੰ ਤਿੰਨ ਮਹੀਨੇ ਵਿੱਚ ਗੰਨੇ ਦਾ ਝਾੜ ਵਧਾਉਣ ਲਈ ਯੋੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ।
ਵਿੱਤ ਮੰਤਰੀ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋਂ ਸੀਜ਼ਨ 2021-22 ਦੌਰਾਨ 1 ਕਰੋੜ 72 ਲੱਖ ਕੁਇੰਟਲ ਗੰਨੇ ਦੀ ਪਿੜਾਈ ਕੀਤੀ ਗਈ ਹੈ, ਜੋ ਪਿਛਲੇ ਪਿੜਾਈ ਸੀਜ਼ਨ ਨਾਲੋਂ ਤਕਰੀਬਨ 20 ਲੱਖ ਕੁਇੰਟਲ ਵੱਧ ਹੈ ਅਤੇ ਸਹਿਕਾਰੀ ਖੰਡ ਮਿੱਲਾਂ ਨੇ 2021-22 ਦੌਰਾਨ ਪਿਛਲੇ ਸਾਲ ਨਾਲੋਂ 0.26 ਫੀਸਦੀ ਵੱਧ ਖੰਡ ਦੀ ਰਿਕਵਰੀ ਪ੍ਰਾਪਤ ਕੀਤੀ ਹੈ, ਜਿਸ ਨਾਲ ਕਰੀਬ 44,764 ਕੁਇੰਟਲ ਵਾਧੂ ਖੰਡ ਦਾ ਉਤਪਾਦਨ ਕੀਤਾ ਗਿਆ ਹੈ। ਇਸ ਨਾਲ ਲਗਭਗ 16 ਕਰੋੜ ਰੁਪਏ ਦੀ ਵਾਧੂ ਆਮਦਨ ਹੋਣ ਦੀ ਉਮੀਦ ਹੈ।