‘ਆਪ’ ਸਰਕਾਰ ਬੁਲਾਏਗੀ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਸੈਸ਼ਨ
ਚਰਨਜੀਤ ਭੁੱਲਰ
ਚੰਡੀਗੜ੍ਹ, 4 ਜੁਲਾਈ
‘ਆਪ’ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫ਼ੈਸਲਾ ਕੀਤਾ ਹੈ ਜਿਸ ਦੀ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ। ਸੈਸ਼ਨ ਬੁਲਾਏ ਜਾਣ ’ਤੇ ਰਸਮੀ ਮੋਹਰ ਪੰਜਾਬ ਕੈਬਨਿਟ ਦੀ ਮੀਟਿੰਗ ’ਚ ਲੱਗੇਗੀ। ਪ੍ਰਾਪਤ ਵੇਰਵਿਆਂ ਅਨੁਸਾਰ ਪੰਜਾਬ ਕੈਬਨਿਟ ਦੀ ਮੀਟਿੰਗ 7 ਜੁਲਾਈ ਨੂੰ ਬੁਲਾਈ ਜਾ ਰਹੀ ਹੈ, ਜਿਸ ’ਚ ਦੋ ਦਿਨਾ ਵਿਧਾਨ ਸਭਾ ਸੈਸ਼ਨ ਦੀਆਂ ਤਰੀਕਾਂ ਤੈਅ ਹੋਣਗੀਆਂ। ਸੂਤਰ ਦਸਦੇ ਹਨ ਕਿ ਪੰਜਾਬ ਕੈਬਨਿਟ 10 ਤੇ 11 ਜੁਲਾਈ ਨੂੰ ਵਿਧਾਨ ਸਭਾ ਸੈਸ਼ਨ ਬੁਲਾਏ ਜਾਣ ਦਾ ਫ਼ੈਸਲਾ ਲੈ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਚਾਰ ਮਹੀਨੇ ਦੀਆਂ ਪ੍ਰਾਪਤੀਆਂ ਅਤੇ ਨਸ਼ਿਆਂ ਦੇ ਮੁੱਦੇ ’ਤੇ ਵਿਚਾਰ ਚਰਚਾ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਜਾ ਰਿਹਾ ਹੈ। ਸੂਬਾ ਸਰਕਾਰ ਵਿਧਾਨ ਸਭਾ ਦੇ ਸੈਸ਼ਨ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਚਰਚਾ ਕਰਕੇ ਜਿੱਥੇ ‘ਯੁੱਧ ਨਸ਼ਿਆਂ ਵਿਰੁੱਧ’ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਨਾ ਚਾਹੁੰਦੀ ਹੈ, ਉੱਥੇ ਵਿਰੋਧੀ ਧਿਰਾਂ ਨੂੰ ਵੀ ਖ਼ਾਸ ਕਰਕੇ ਬਿਕਰਮ ਮਜੀਠੀਆ ਦੇ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਘੇਰਨ ਦੇ ਰੌਂਅ ਵਿੱਚ ਹੈ। ਵੇਰਵੇ ਮਿਲੇ ਹਨ ਕਿ ਇਸ ਵਿਸ਼ੇਸ਼ ਸੈਸ਼ਨ ਲਈ ਤਕਨੀਕੀ ਤੌਰ ’ਤੇ ਰਾਜਪਾਲ ਤੋਂ ਪ੍ਰਵਾਨਗੀ ਦੀ ਵੀ ਲੋੜ ਨਹੀਂ ਹੈ।