‘ਆਪ’ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਚਿੱਟ ਫੰਡ ਸਕੀਮ ਵਰਗੀ: ਜਾਖੜ
ਚਰਨਜੀਤ ਭੁੱਲਰ
ਚੰਡੀਗੜ੍ਹ, 30 ਜੂਨ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਲੈਂਡ ਪੂਲਿੰਗ ਨੀਤੀ ’ਤੇ ਇਤਰਾਜ਼ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਝੂਠਾ ਲਾਲਚ ਦਿਖਾ ਕੇ ਕਿਸਾਨਾਂ ਦੀ ਜ਼ਮੀਨ ਖੋਹਣ ਦੀ ਤਿਆਰੀ ਹੈ। ਇਨ੍ਹਾਂ ਜ਼ਮੀਨਾਂ ਦਾ ਨੋਟੀਫ਼ਿਕੇਸ਼ਨ ਜਾਰੀ ਕਰਕੇ ‘ਆਪ’ ਸਰਕਾਰ ਨੇ ਕਿਸਾਨਾਂ ਦੀ ਜ਼ਮੀਨ ਦੀ ਵਿਕਰੀ ’ਤੇ ਰੋਕ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਜ਼ਮੀਨ ਨੋਟੀਫ਼ਿਕੇਸ਼ਨ ਦੇ ਘੇਰੇ ’ਚ ਆ ਗਈ, ਉਸ ਨੂੰ ਕਿਸਾਨ ਵੇਚ ਨਹੀਂ ਸਕੇਗਾ। ਉਨ੍ਹਾਂ ਇਸ ਨਵੀਂ ਨੀਤੀ ਨੂੰ ‘ਚਿੱਟ ਫ਼ੰਡ ਸਕੀਮ’ ਦੱਸਦਿਆਂ ਕਿਹਾ ਕਿ ਸਰਕਾਰ ਨੇ ਸੂਬੇ ਦੀ ਲੁੱਟ ਕਰਨ ਲਈ ਇਹ ਨੀਤੀ ਲਿਆਂਦੀ ਹੈ।
ਸੁਨੀਲ ਜਾਖੜ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ’ਚ ਕਿਹਾ ਕਿ ਪੰਜਾਬ ਸਰਕਾਰ ਇਸ ਗੱਲ ਦਾ ਗ਼ਲਤ ਪ੍ਰਚਾਰ ਕਰ ਰਹੀ ਹੈ ਕਿ ਕਿਸਾਨ ਤੋਂ ਜਬਰੀ ਜ਼ਮੀਨ ਨਹੀਂ ਖੋਹੀ ਜਾਵੇਗੀ ਬਲਕਿ ਉਨ੍ਹਾਂ ਦੀ ਸਹਿਮਤੀ ਮਗਰੋਂ ਹੀ ਜ਼ਮੀਨ ਲਈ ਜਾਵੇਗੀ। ਜਾਖੜ ਨੇ ਸੁਆਲ ਚੁੱਕਿਆ ਕਿ ਜੇ ਨੋਟੀਫ਼ਿਕੇਸ਼ਨ ਮਗਰੋਂ ਕਿਸਾਨ ਜ਼ਮੀਨ ਵੇਚ ਨਹੀਂ ਸਕੇਗਾ ਤਾਂ ਕੀ ਇਹ ਕਿਸਾਨਾਂ ਦੇ ਅਧਿਕਾਰਾਂ ’ਤੇ ਡਾਕਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਰੀਅਲ ਅਸਟੇਟ ਕਾਰੋਬਾਰ ’ਚ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੀ ਤਾਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨ ਦੀ ਜ਼ਮੀਨ ਕਿਸਾਨ ਕੋਲ ਰਹੇ। ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਚੌਕਸ ਕੀਤਾ ਹੈ ਕਿ ਦੇਰ ਸਵੇਰ ਇਸ ਮਾਮਲੇ ’ਚ ਜਵਾਬਦੇਹੀ ਉਨ੍ਹਾਂ ਦੀ ਹੀ ਤੈਅ ਹੋਣੀ ਹੈ ਕਿਉਂਕਿ ਉਹ ਸੰਵਿਧਾਨਿਕ ਅਹੁਦਿਆਂ ’ਤੇ ਹਨ। ਜਾਖੜ ਨੇ ਕਿਹਾ ਕਿ ਜਿਹੜੇ ਲੋਕ ਅਜਿਹੀ ਨੀਤੀ ਤਿਆਰ ਕਰਾ ਰਹੇ ਹਨ, ਉਨ੍ਹਾਂ ਨੇ ਤਾਂ ਸੱਤਾ ਬਦਲਣ ਮਗਰੋਂ ਬੋਰੀਆ ਬਿਸਤਰਾ ਚੁੱਕ ਕੇ ਦਿੱਲੀ ਚਲੇ ਜਾਣਾ ਹੈ। ਜਾਖੜ ਨੇ ਬਿਕਰਮ ਸਿੰਘ ਮਜੀਠੀਆ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਹੀ ਗ਼ਲਤ ਦਾ ਫ਼ੈਸਲਾ ਤਾਂ ਅਦਾਲਤ ਨੇ ਕਰਨਾ ਹੈ ਪਰ ਪੰਜਾਬ ਸਰਕਾਰ ਨੂੰ ਇਸ ਮਾਮਲੇ ’ਤੇ ਸਾਰਿਆ ਖ਼ਿਲਾਫ਼ ਇਕਸਾਰ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਚੁਣ ਚੁਣ ਕੇ ਕੀਤੀ ਕਾਰਵਾਈ ਸ਼ੰਕੇ ਪੈਦਾ ਕਰਦੀ ਹੈ। ਜਾਖੜ ਨੇ ਚੇਤੇ ਕਰਾਇਆ ਕਿ ਮੁੱਖ ਮੰਤਰੀ ਵੱਲੋਂ ਵਿਧਾਨ ਸਭਾ ਵਿੱਚ ਜਿਨ੍ਹਾਂ ਲੋਕਾਂ ’ਤੇ ਪਰਚੇ ਦਰਜ ਕੀਤੇ ਜਾਣ ਦੀ ਗੱਲ ਕਹੀ ਗਈ ਸੀ, ਉਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ ਹੈ ਕਿਉਂਕਿ ਉਨ੍ਹਾਂ ਲੋਕਾਂ ਨੇ ਪੈਰ ਫੜ ਲਏ ਹਨ। ਜਾਖੜ ਨੇ ਕੁੰਵਰ ਵਿਜੇ ਪ੍ਰਤਾਪ ਦੇ ਮਾਮਲੇ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਅਸਲ ਵਿੱਚ ਇਹ ਪੁਲੀਸ ਅਧਿਕਾਰੀ ਆਮ ਆਦਮੀ ਪਾਰਟੀ ਦੇ ਝਾਂਸੇ ਵਿੱਚ ਆ ਗਿਆ ਸੀ। ਇਸ ਤੋਂ ਪਹਿਲਾਂ ਭਾਜਪਾ ਦਫ਼ਤਰ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਸਣੇ ਸੀਨੀਅਰ ਆਗੂਆਂ ਨੇ ਗੁਜਰਾਤ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ।