ਇਥੋਂ ਦੇ ਅਨਾਜ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਾਂ ‘ਪੰਜਾਬ ਬਚਾਓ ਰੈਲੀ’ ਕੀਤੀ ਗਈ। ਇਸ ਕਾਨਫਰੰਸ ਦਾ ਸਮੁੱਚਾ ਪ੍ਰਬੰਧ ਸਥਾਨਕ ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਵੱਲੋਂ ਕੀਤਾ ਗਿਆ। ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ‘ਆਪ’ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਨੇ ਸਿਰਫ਼ ਆਪਣੀ ਮਸ਼ਹੂਰੀ ਲਈ ਸੂਬੇ ਦਾ ਖ਼ਜ਼ਾਨਾ ਲੁੱਟਾ ਕੇ ਪੰਜਾਬ ਨੂੰ ਕਰਜ਼ਈ ਬਣਾ ਦਿੱਤਾ ਹੈ। ਇਥੋਂ ਤੱਕ ਕਿ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਜਿਸ ਵੀ ਸਟੇਟ ਭਾਵੇਂ ਉਹ ਗੁਜਰਾਤ, ਅਸਾਮ, ਤਿਲੰਗਾਨਾ ਵਿਚ ਜਾ ਕੇ ਰੈਲੀ ਕਰਦੇ ਹਨ ਤਾਂ ਉਸਦਾ ਸਾਰਾ ਖਰਚਾ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿਚੋਂ ਕੀਤਾ ਜਾਂਦਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਥਾਂ ਥਾਂ ਆਪਣੀਆਂ ਤਸਵੀਰਾਂ ਲਗਾ ਕੇ ਮੀਡੀਆ ਪ੍ਰਚਾਰ ਲਈ 1100 ਕਰੋੜ ਰੁਪਏ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿਚੋਂ ਲੁਟਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦਾ ਬੋਲਬਾਲਾ ਹੈ, ਅਮਨ ਕਾਨੂੰਨ ਦੀ ਸਥਿਤੀ ਬਦਤਰ ਹੋ ਚੁੱਕੀ ਹੈ। ਉਨ੍ਹਾਂ ਵਾਅਦਾ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਗੈਂਗਸਟਰਵਾਦ, ਨਸ਼ਾ ਤਸਕਰੀ ਅਤੇ ਖਣਨ ਮਾਫ਼ੀਆ ਨੂੰ ਸਖ਼ਤੀ ਨਾਲ ਠਜਿੱਠਿਆ ਜਾਵੇਗਾ।
ਸ੍ਰੀ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਜਾਬ ਦੀ ਸਰਕਾਰ ਅਸਲ ਵਿਚ ਦਿੱਲੀ ਤੋਂ ਚਲਾਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਦੇਣ ਦੀ ਸਕੀਮ ਸਰਕਾਰ ਵੱਲੋਂ ਸਰਕਾਰੀ ਜਾਇਦਾਦਾਂ ਵੇਚ ਅਤੇ ਨਵੇਂ ਕਰਜ਼ੇ ਚੁੱਕ ਕੇ ਦਿੱਤੀ ਜਾ ਰਹੀ ਹੈ। ਸਰਕਾਰ ਲਗਪਗ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਚੁੱਕੀ ਹੈ ਅਤੇ ਲੋਕਾਂ ਦੇ ਆਪਣੇ ਹੀ ਪੈਸੇ ਨੂੰ ਸਕੀਮਾਂ ਦੇ ਨਾਂਅ ’ਤੇ ਵਾਪਸ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਕੀਤੇ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ।
ਇਸ ਮੌਕੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਬਿਕਰਮਜੀਤ ਸਿੰਘ ਖਾਲਸਾ, ਪਾਰਟੀ ਦੇ ਮੀਤ ਪ੍ਰਧਾਨ ਜਗਦੇਵ ਸਿਘ ਬੋਪਾਰਾਏ, ਨਵਤੇਜ ਸਿੰਘ ਖੱਟੜਾ, ਰਣਬੀਰ ਸਿੰਘ ਖੱਟੜਾ, ਜਗਦੀਪ ਕੌਰ ਯਾਦੂ, ਐਡਵੋਕੇਟ ਤੇਜਿੰਦਰ ਸਿੰਘ, ਹਨੀ ਰੋਸ਼ਾ, ਜੱਥੇਦਾਰ ਮਨਜੀਤ ਸਿੰਘ ਮਦਨੀਪੁਰ ਆਦਿ ਨੇ ਵੀ ਸੰਬੋਧਨ ਕੀਤਾ।

