ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਅਪਰੈਲ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 23 ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦੇ ਆਪਣੇ ਵਾਅਦਿਆਂ ਤੋਂ ਮੁਕਰ ਜਾਣ ਲਈ ‘ਆਪ’ ਸਰਕਾਰ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਨਿੱਜੀ ਮੀਡੀਆ ਅਦਾਰੇ ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਐੱਮਐੱਸਪੀ ਨਹੀਂ ਦੇ ਸਕਦੇ ਕਿਉਂਕਿ ਐੱਮਐੱਸਪੀ ਕੇਂਦਰ ਸਰਕਾਰ ਨੂੰ ਦੇਣੀ ਚਾਹੀਦੀ ਹੈ ਉਹ ਸਿਰਫ ਕਿਸਾਨਾਂ ਨੂੰ ਮੁਆਵਜ਼ਾ ਦੇ ਸਕਦੇ ਹਨ।
ਸ੍ਰੀ ਬਾਜਵਾ ਨੇ ਕਿਹਾ ਕਿ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਤੋਂ ਭਗਵੰਤ ਮਾਨ ਅਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ‘ਆਪ’ ਦੀ ਸਰਕਾਰ ਬਣਨ ’ਤੇ ਘੱਟੋ-ਘੱਟ ਸਮਰਥਨ ਮੁੱਲ ’ਤੇ 23 ਫਸਲਾਂ ਖਰੀਦਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਭਗਵੰਤ ਮਾਨ ਨੇ ਘੱਟੋ-ਘੱਟ ਸਮਰਥਨ ਮੁੱਲ ’ਤੇ ਮੂੰਗੀ ਦੀ ਫ਼ਸਲ ਖਰੀਦਣ ਦਾ ਵਾਅਦਾ ਕੀਤਾ ਸੀ ਪਰ ਉਹ ਆਪਣਾ ਵਾਅਦਾ ਪੂਰਾ ਕਰਨ ’ਚ ਬੁਰੀ ਤਰ੍ਹਾਂ ਅਸਫਲ ਰਹੇ। ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਵੀ ਨਹੀਂ ਦੇ ਸਕੀ, ਜਿਨ੍ਹਾਂ ਦਾ ਝੋਨਾ, ਗੰਨਾ, ਕਪਾਹ ਅਤੇ ਹੋਰ ਫਸਲਾਂ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਨੁਕਸਾਨੀਆਂ ਗਈਆਂ ਸਨ। ਇਸ ਸਾਲ ਗੜੇਮਾਰੀ ਕਾਰਨ ਕਣਕ ਦੀਆਂ ਫਸਲਾਂ ਨੂੰ ਵੀ ਨੁਕਸਾਨ ਪਹੁੰਚਿਆ ਸੀ ਫਿਰ ਵੀ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ ਸੀ।