ਕਾਨੂੰਨ ਵਿਵਸਥਾ ਮਸਲੇ ’ਤੇ ਚਰਚਾ ਤੋਂ ਭੱਜੀ ‘ਆਪ’: ਬਾਜਵਾ
ਆਤਿਸ਼ ਗੁਪਤਾ
ਚੰਡੀਗੜ੍ਹ, 11 ਜੁਲਾਈ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਵਿੱਚੋਂ ਵਾਕਆਊਟ ਕਰਨ ਤੋਂ ਬਾਅਦ ਸਦਨ ਦੇ ਬਾਹਰ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜ ਰਹੀ ਹੈ ਪਰ ਸੂਬਾ ਸਰਕਾਰ ਵਿਧਾਨ ਸਭਾ ਵਿੱਚ ਗੱਲਬਾਤ ਤੋਂ ਭੱਜ ਰਹੀ ਹੈ। ਉਨ੍ਹਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ’ਤੇ ਦੋਸ਼ ਲਾਇਆ ਕਿ ਉਹ ਵਿਰੋਧੀ ਧਿਰਾਂ ਨੂੰ ਜ਼ਰੂਰੀ ਤੇ ਜਨਤਕ ਮੁੱਦੇ ਉਠਾਉਣ ਦਾ ਮੌਕਾ ਨਹੀਂ ਦੇ ਰਹੇ।
ਸ੍ਰੀ ਬਾਜਵਾ ਨੇ ਕਿਹਾ ਕਿ ਵਪਾਰੀਆਂ ਨੂੰ ਨਿੱਤ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ ਪਰ ਸੂਬਾ ਸਰਕਾਰ ਇਨ੍ਹਾਂ ’ਤੇ ਨੱਥ ਪਾਉਣ ਵਿੱਚ ਨਾਕਾਮ ਰਹੀ ਹੈ। ਸੂਬਾ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਵਿੱਚ ਲਿਆਂਦਾ ਜਾਣ ਵਾਲਾ ਬੇਅਦਬੀ ਖ਼ਿਲਾਫ਼ ਬਿੱਲ ਸਿਆਸੀ ਚਾਲ ਹੈ ਅਤੇ ਇਸ ਮਾਮਲੇ ’ਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2018 ਵਿੱਚ ਕਾਂਗਰਸ ਸਰਕਾਰ ਵੱਲੋਂ ਇੱਕ ਬਿੱਲ ਪਾਸ ਕੀਤਾ ਗਿਆ ਸੀ ਜੋ ਸੱਤ ਸਾਲਾਂ ਤੋਂ ਵੱਧ ਸਮੇਂ ਤੋਂ ਰਾਸ਼ਟਰਪਤੀ ਦੀ ਸਹਿਮਤੀ ਲਈ ਕੇਂਦਰ ਕੋਲ ਪਿਆ ਹੈ। ਇਹ ਨਵਾਂ ਬਿੱਲ ਇਨਸਾਫ਼ ਦੇਣ ’ਚ ‘ਆਪ’ ਦੀ ਅਸਫਲਤਾ ਨੂੰ ਲੁਕਾਉਣ ਦੀ ਚਾਲ ਤੋਂ ਇਲਾਵਾ ਕੁਝ ਨਹੀਂ ਹੈ।
ਵਿਰੋਧੀ ਧਿਰ ਦੇ ਆਗੂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਬਹਿਬਲ ਕਲਾਂ ਵਿੱਚ ਦੋ ਜਣਿਆਂ ਦੀ ਹੱਤਿਆ ਦੇ ਮਾਮਲੇ ਵਿੱਚ ਅਸਲ ਦੋਸ਼ੀਆਂ ਨੂੰ ਬਚਾਇਆ ਜਾ ਰਿਹਾ ਹੈ। ਜੇਕਰ ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ’ਤੇ ਗੰਭੀਰ ਹੁੰਦੇ ਤਾਂ ਉਹ ਮੌਜੂਦਾ ਬਿੱਲਾਂ ਦੀ ਪੈਰਵੀ ਕਰਦੇ ਅਤੇ ਬਹਿਬਲ ਕਲਾਂ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਜਾਂਚ ਰਿਪੋਰਟ ਦਾਇਰ ਕਰਦੇ।