‘ਆਪ’ ਨੇ ਸੰਵਿਧਾਨਕ ਸੰਸਥਾਵਾਂ ਦਰਕਿਨਾਰ ਕੀਤੀਆਂ: Sunil Jakhar
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇਥੇ ਸੈਕਟਰ 33 ਸਥਿਤ ਪੰਜਾਬ ਵਿਕਾਸ ਕਮਿਸ਼ਨ (ਪੀ ਡੀ ਸੀ) ਦੇ ਦਫ਼ਤਰ ਬਾਹਰ ਧਰਨਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਨੇ ਸੰਵਿਧਾਨਕ ਸੰਸਥਾਵਾਂ ਨੂੰ ਦਰਕਿਨਾਰ ਕਰਕੇ ਅਤੇ ਕਾਨੂੰਨੀ ਢਾਂਚੇ ਨੂੰ ਢਹਿ-ਢੇਰੀ...
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇਥੇ ਸੈਕਟਰ 33 ਸਥਿਤ ਪੰਜਾਬ ਵਿਕਾਸ ਕਮਿਸ਼ਨ (ਪੀ ਡੀ ਸੀ) ਦੇ ਦਫ਼ਤਰ ਬਾਹਰ ਧਰਨਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਨੇ ਸੰਵਿਧਾਨਕ ਸੰਸਥਾਵਾਂ ਨੂੰ ਦਰਕਿਨਾਰ ਕਰਕੇ ਅਤੇ ਕਾਨੂੰਨੀ ਢਾਂਚੇ ਨੂੰ ਢਹਿ-ਢੇਰੀ ਕਰਕੇ ਪੰਜਾਬ ਵਿਕਾਸ ਕਮਿਸ਼ਨ ਦੇ ਦਫ਼ਤਰ ਨੂੰ ਆਊਟਸੋਰਸ ਕਰ ਦਿੱਤਾ ਹੈ। ਇਸ ਦੇ ਨਾਲ ਹੀ ਗ਼ੈਰ ਸਰਕਾਰੀ ਤੱਤਾਂ ਰਾਹੀਂ ਸੂਬੇ ਦੀਆਂ ਸਰਕਾਰੀ ਸੰਸਥਾਵਾਂ ਨੂੰ ਲੁੱਟ ਕੇ ਕਮਜ਼ੋਰ ਕੀਤਾ ਜਾ ਰਿਹਾ। ਪੰਜਾਬ ਵਿਕਾਸ ਕਮਿਸ਼ਨ ਇਕ ਸਰਕਾਰੀ ਅਦਾਰੇ ਵਜੋਂ ਕੰਮ ਕਰਨ ਦੀ ਥਾਂ ਪੰਜਾਬ ਨੂੰ ਲੁੱਟਣ ਵਾਲਾ ਕਮਿਸ਼ਨ ਬਣ ਗਿਆ।
ਉਨ੍ਹਾਂ ਦਾਅਵਾ ਕੀਤਾ ਕਿ ਕਮਿਸ਼ਨ ਵਿੱਚ ਨਿਯੁਕਤ ਵਿਅਕਤੀਆਂ ਨੂੰ ਕੁੱਲ ਮਿਲਾ ਕੇ ਤਕਰੀਬਨ 2 ਕਰੋੜ ਰੁਪਏ ਪ੍ਰਤੀ ਮਹੀਨਾ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ। ਕਮਿਸ਼ਨ ਨੇ ਵੱਖ ਵੱਖ ਬਹਾਨਿਆਂ ਹੇਠ ਪੰਜਾਬ ਵਾਸੀਆਂ ਦਾ ਨਿੱਜੀ ਡਾਟਾ ਇਕੱਠਾ ਕੀਤਾ ਹੈ। ਇਸ ਦੌਰਾਨ ਵੱਡੇ ਪੱਧਰ ’ਤੇ ਨਿੱਜੀ ਜਾਣਕਾਰੀ ਇਕੱਠੀ ਕੀਤੀ ਗਈ ਹੈ, ਜਿਸ ਦੀ ਬਾਅਦ ਵਿੱਚ ਸਿਆਸੀ ਜਾਂ ਵਪਾਰਕ ਮਕਸਦਾਂ ਲਈ ਦੁਰਵਰਤੋਂ ਕੀਤੀ ਜਾ ਸਕਦੀ ਹੈ। ਕਮਿਸ਼ਨ ਵਿੱਚ ਪੰਜਾਬ ਦੀਆਂ ਸਥਾਨਕ ਸਥਿਤੀਆਂ ਨੂੰ ਸਮਝਣ ਵਾਲਾ ਇੱਕ ਵੀ ਪੰਜਾਬੀ ਮੈਂਬਰ ਨਹੀਂ ਹੈ। ਸਾਰੇ ਮੈਂਬਰ ਬਾਹਰੀ ਲੋਕ ਹਨ, ਜਿਨ੍ਹਾਂ ਵੱਲੋਂ ਪੰਜਾਬ ਦੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਨਾਲ ਕੋਈ ਸਲਾਹ-ਮਸ਼ਵਰਾ ਕੀਤੇ ਜਾਣ ਤੋਂ ਬਿਨਾਂ ਹੀ ਫ਼ੈਸਲੇ ਲਏ ਜਾ ਰਹੇ ਹਨ।

