‘ਆਪ’ ਨੇ ਸੂਬੇ ਨੂੰ ਪੁਲੀਸ ਰਾਜ ’ਚ ਬਦਲਿਆ: ਸੁਖਬੀਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ‘ਆਪ’ ਦੀ ਲੀਡਰਸ਼ਿਪ ’ਤੇ ਸੂਬਾ ਪੁਲੀਸ ਦੇ ਅਧਿਕਾਰੀਆਂ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਸਰਕਾਰ ’ਤੇ ਸੂਬੇ ਨੂੰ ਪੁਲੀਸ ਰਾਜ ਵਿੱਚ ਤਬਦੀਲ ਕਰਨ ਦਾ ਦੋਸ਼ ਲਗਾਇਆ|
ਸ੍ਰੀ ਬਾਦਲ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ਼ਾਰੇ ’ਤੇ ਕੰਮ ਕਰਨ ਵਾਲੇ ਪੁਲੀਸ ਅਫ਼ਸਰਾਂ ਨੂੰ ਚਿਤਾਵਨੀ ਦਿੱਤੀ ਕਿ ਅਕਾਲੀ ਵਰਕਰਾਂ ਨੂੰ ਗ਼ੈਰਕਾਨੂੰਨੀ ਤਰੀਕੇ ਨਾਲ ਗ੍ਰਿਫ਼ਤਾਰ ਕਰਨ ਤੋਂ ਗੁਰੇਜ਼ ਕਰਨ ਨਾ ਕੀਤਾ ਤਾਂ ਇਸ ਖ਼ਿਲਾਫ਼ ਅਦਾਲਤ ’ਚ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਇਲਾਕੇ ਦੇ ਪਿੰਡ ਐਮਾਂ ਖੁਰਦ, ਐਮਾਂ ਕਲਾਂ, ਦੋਦੇ, ਛਾਪਾ, ਸਰਾਏ ਅਮਾਨਤ ਖਾਂ, ਭੁੱਚਰ ਕਲਾਂ, ਸ਼ੇਖ ਅਤੇ ਫੈਲੋਕੇ ਆਦਿ ਦਾ ਦੌਰਾ ਕੀਤਾ ਤੇ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਵਰਕਰਾਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟ ਕੀਤੀ। ਇਸ ਤੋਂ ਪਹਿਲਾਂ ਝਬਾਲ ਵਿੱਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਅਕਾਲੀ ਦਲ ਦੇ ਹੱਕ ’ਚ ਵੋਟਾਂ ਪਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ| ਇਸ ਮੌਕੇ ਸ੍ਰੀ ਬਾਦਲ ਨਾਲ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਰਵਿੰਦਰ ਸਿੰਘ ਬ੍ਰਹਮਪੁਰਾ, ਪਾਰਟੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ, ਤੇਜਿੰਦਰ ਸਿੰਘ ਮਿੱਡੂਖੇੜਾ, ਅਲਵਿੰਦਰ ਸਿੰਘ ਪੱਖੋਕੇ, ਗੌਰਵ ਵਲਟੋਹਾ ਤੇ ਹੋਰ ਸੀਨੀਅਰ ਆਗੂ ਹਾਜ਼ਰ ਸਨ।
