ਚੰਡੀਗੜ੍ਹ (ਟਨਸ): ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਲੋਕ ਸਭਾ ਚੋਣਾਂ ਵਿੱਚ ‘ਆਪ’ ਵੱਲੋਂ ਔਰਤਾਂ ਨੂੰ ਨੁਮਾਇੰਦਗੀ ਨਾ ਦੇਣ ’ਤੇ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੇ ਨਾਮ ’ਤੇ ਰਾਜਨੀਤੀ ਕਰਨ ਵਾਲੀ ‘ਆਪ’ ਨੇ ਔਰਤਾਂ ਨੂੰ ਹੀ ਨਜ਼ਰਅੰਦਾਜ਼ ਕਰ ਦਿੱਤਾ। ਪਹਿਲਾਂ ‘ਆਪ’ ਨੇ ਰਾਜ ਸਭਾ ਚੋਣਾਂ ਦੌਰਾਨ ਔਰਤਾਂ ਨੂੰ ਅਣਗੌਲਿਆ ਕੀਤਾ ਅਤੇ ਹੁਣ ਲੋਕ ਸਭਾ ਚੋਣਾਂ ਵਿੱਚ ਵੀ ਅਜਿਹਾ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਉਧਾਰ ਲਏ ਆਗੂਆਂ ਨਾਲ ਆਪਣੀ ਰਾਜਨੀਤੀ ਚਲਾ ਰਹੀ ਹੈ। ਸ੍ਰੀ ਬਾਜਪਾ ਨੇ ਕਿਹਾ ਕਿ ‘ਆਪ’ ਪਿਛਲੇ 10 ਸਾਲਾਂ ਤੋਂ ਵੱਧ ਸਮੇਂ ਤੋਂ ਸਰਗਰਮ ਰਾਜਨੀਤੀ ’ਚ ਹੈ ਪਰ ਜ਼ਮੀਨੀ ਪੱਧਰ ’ਤੇ ਆਪਣਾ ਪਾਰਟੀ ਕਾਡਰ ਵਿਕਸਿਤ ਕਰਨ ਵਿੱਚ ਅਸਫਲ ਰਹੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਕੁੱਲ 13 ਲੋਕ ਸਭਾ ਹਲਕਿਆਂ ਤੋਂ ‘ਆਪ’ ਨੇ ਤਿੰਨ ਉਧਾਰ ਲਏ ਆਗੂਆਂ ਨੂੰ ਚੋਣ ਮੈਦਾਨ ’ਚ ਉਤਾਰਿਆ ਹੈ।