ਆਤਿਸ਼ ਗੁਪਤਾ
ਚੰਡੀਗੜ੍ਹ, 10 ਅਕਤੂਬਰ
ਜੰਮੂ ਕਸ਼ਮੀਰ ਵਿੱਚ ਅਤਿਵਾਦੀ ਹਮਲੇ ’ਚ ਮਾਰੇ ਗਏ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਅੱਜ ਸੂਬੇ ਭਰ ਵਿੱਚ ਮੋਮਬੱਤੀ ਮਾਰਚ ਕੱਢੇ ਗਏ। ਇਸ ਦੌਰਾਨ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਅਮਨ ਅਰੋੜਾ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਕਸ਼ਮੀਰੀ ਪੰਡਿਤਾਂ ਅਤੇ ਸਿੱਖਾਂ ਸਮੇਤ ਵਾਦੀ ’ਚੋਂ ਘੱਟ ਗਿਣਤੀ ਭਾਈਚਾਰੇ ਦੀ ਸੁਰੱਖਿਆ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਘੱਟ ਗਿਣਤੀ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਏ।
ਸ੍ਰੀ ਸੰਧਵਾਂ ਅਤੇ ਅਰੋੜਾ ਨੇ ਕੇਂਦਰ ਸਰਕਾਰ ਤੋਂ ਵਾਦੀ ’ਚ ਰਹਿਣ ਵਾਲੇ ਲੋਕਾਂ ਦੀਆਂ ਸੰਪਤੀਆਂ ਦੀ ਰਾਖੀ ਕਰਨ ਦੇ ਨਾਲ ਹੀ ਅਤਿਵਾਦੀ ਹਮਲਿਆਂ ਦੇ ਮੱਦੇਨਜ਼ਰ ਕਸ਼ਮੀਰ ਛੱਡ ਚੁੱਕੇ ਲੋਕਾਂ ਦੀਆਂ ਸੰਪਤੀਆਂ ਦੀ ਸੁਰੱਖਿਆ ਵੀ ਮੰਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਧਾਰਾ 370 ਨੂੰ ਖ਼ਤਮ ਕਰਨ ’ਤੇ ਵਾਦੀ ਵਿੱਚ ਸ਼ਾਂਤੀ ਕਾਇਮ ਹੋਣ ਦੇ ਦਾਅਵੇ ਝੂਠੇ ਅਤੇ ਖੋਖਲੇ ਸਾਬਤ ਹੋਏ ਹਨ। ਕਸ਼ਮੀਰ ’ਚ ਹਿੰਸਕ ਘਟਨਾਵਾਂ ਵਧ ਰਹੀਆਂ ਹਨ ਅਤੇ ਕੇਂਦਰ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਅਤੇ ਅਤਿਵਾਦ ਨਾਲ ਨਜਿੱਠਣ ’ਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਘਾਟੀ ਵਿੱਚ ਫ਼ਿਰਕੂ ਤਣਾਅ ’ਚ ਵਾਧਾ ਕਰਨ ਤੋਂ ਇਲਾਵਾ ਘੱਟ ਗਿਣਤੀ ਭਾਈਚਾਰੇ ’ਚ ਡਰ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਕੇਂਦਰ ਸਰਕਾਰ ਨੂੰ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਨੇ ਚਾਹੀਦੇ ਹਨ।