ਬਹਾਦਰਜੀਤ ਸਿੰਘ
ਰੂਪਨਗਰ, 15 ਜੂਨ
ਅੱਜ ਆਮ ਆਦਮੀ ਪਾਰਟੀ (ਆਪ) ਰੂਪਨਗਰ ਦੇ ਆਗੂਆਂ ਨੇ ਪੰਜਾਬ ਦੇ ਐੱਸਸੀ/ਐੱਸਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਵਜ਼ੀਫੇ ਵਿੱਚ ਕੀਤੇ ਕਥਿਤ ਘੁਟਾਲੇ ਵਿਰੁੱਧ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪਿੰਕੀ ਤੇ ਐੱਸਸੀ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਨਰਿੰਦਰ ਸਿੰਘ ਚੱਕਲਾਂ ਦੀ ਅਗਵਾਈ ਵਿੱਚ ਰੂਪਨਗਰ ਦੇ ਅੰਬੇਡਕਰ ਚੌਕ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਰੁੱਧ ਧਰਨਾ ਦੇ ਕੇ ਭੁੱਖ-ਹੜਤਾਲ ਸ਼ੁਰੂ ਕੀਤੀ।ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪਿੰਕੀ ਨੇ ਦੱਸਿਆ ਕਿ ਧਰਨਾ ਦੇ ਕੇ ਭੁੱਖ-ਹੜਤਾਲ ਲਗਾਤਾਰ ਚੱਲੇਗੀ। ‘ਆਪ’ ਆਗੂਆਂ ਨੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਥਿਤ ਘੁਟਾਲੇ ਵਿੱਚ ਸ਼ਾਮਲ ਮੰਤਰੀਆਂ ਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ।
ਆਮ ਆਦਮੀ ਪਾਰਟੀ ਵੱਲੋਂ ਲੜੀਵਾਰ ਭੁੱਖ-ਹੜਤਾਲ ਸ਼ੁਰੂ
ਐਸ.ਏ.ਐਸ. ਨਗਰ (ਮੁਹਾਲੀ), (ਪੱਤਰ ਪ੍ਰੇਰਕ) ਵਜ਼ੀਫ਼ਾ ਘਪਲੇ ਦੇ ਮਾਮਲੇ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜਾਬ ਕੈਬਨਿਟ ’ਚੋਂ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ (ਆਪ) ਦੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-3\/5 ਲਾਲ ਬੱਤੀ ਪੁਆਇੰਟ ’ਤੇ ਲੜੀਵਾਰ ਭੁੱਖ-ਹੜਤਾਲ ਸ਼ੁਰੂ ਕਰ ਦਿੱਤੀ। ਅੱਜ ਜਸਬੀਰ ਸਿੰਘ ਸਮੇਤ ਆਪ ਦੇ ਜ਼ਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ, ਮੈਡੀਕਲ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਡਾ. ਚਿਰਾਜਦੀਪ ਸਿੰਘ ਆਹਲੂਵਾਲੀਆ ਤੇ ਅਨੂ ਬੱਬਰ ਤੇ ਗੁਰਮੇਲ ਸਿੰਘ ਸਨੇਟਾ ਭੁੱਖ-ਹੜਤਾਲ ’ਤੇ ਬੈਠੇ।