ਬਲਵਿੰਦਰ ਰੈਤ
ਨੂਰਪੁਰ ਬੇਦੀ, 29 ਦਸੰਬਰ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਕਿਸਾਨਾਂ ਦਾ ਅੰਦੋਲਨ ਦਿੱਲੀ ਵਿਖੇ ਲਗਾਤਾਰ ਜਾਰੀ ਹੈ। ਇਸ ਕਿਸਾਨੀ ਅੰਦੋਲਨ ਵਿੱਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨਾਲ ਇਸ ਧਰਨੇ ਵਿੱਚ ਸ਼ਾਮਲ ਹੋਏ ਅਤੇ ਕਿਸਾਨਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਦੇਸ਼ ਦੇ ਕਿਸਾਨ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਸੜਕਾਂ ਉੱਤੇ ਸੌਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਕੇਂਦਰ ਸਰਕਾਰ ਨੂੰ ਜਲਦੀ ਇਹ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ। ਇਸ ਮੌਕੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਅਮਰਜੀਤ ਸਿੰਘ ਸੰਦੋਆ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਹਾਜ਼ਰ ਸਨ।
ਰਾਣਾ ਕੇਪੀ ਸਿੰਘ ਨੇ ਟਾਵਰਾਂ ਨੂੰ ਨੁਕਸਾਨ ਨਾ ਪਹੁੰਚਾਉਣ ਦੀ ਅਪੀਲ ਕੀਤੀ
ਨੰਗਲ (ਰਾਕੇਸ਼ ਸੈਣੀ): ‘ਸੂਬੇ ਵਿੱਚ ਲੱਗੇ ਸਾਰੇ ਮੋਬਾਈਲ ਟਾਵਰ ਸੰਚਾਰ ਦਾ ਵੱਡਾ ਸਾਧਨ ਹਨ ਤੇ ਬੱਚਿਆਂ ਦੀ ਪੜ੍ਹਾਈ ਵਿੱਚ ਸਹਾਈ ਹੋ ਰਹੇ ਹਨ ਤੇ ਜੇਕਰ ਇਨ੍ਹਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਤਾਂ ਸਾਡੇ ਬੱਚਿਆਂ ਦੀ ਪੜ੍ਹਾਈ ਦਾ ਵੱਡਾ ਨੁਕਸਾਨ ਹੋਵੇਗਾ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਅੱਜ ਮੀਡੀਆ ਕਾਨਫਰੰਸ ਦੌਰਾਨ ਕੀਤਾ। ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਉਹ ਕਿਸਾਨ ਸੰਘਰਸ਼ ਦਾ ਸਮਰਥਨ ਕਰਦੇ ਹਨ ਪਰ ਇਸ ਦੌਰਾਨ ਹਿੰਸਾ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸਾਨ ਫੋਨ ਕੰਪਨੀ ਦਾ ਬਾਇਕਾਟ ਕਰ ਕੇ ਵੀ ਆਪਣਾ ਸੰਘਰਸ਼ ਕਰ ਸਕਦੇ ਹਨ। ਉਨ੍ਹਾਂ ਕਿਸਾਨ ਆਗੂ ਰਾਜੇਵਾਲ ਦੇ ਉਸ ਬਿਆਨ ਦੀ ਵੀ ਪ੍ਰੋੜਤਾ ਕੀਤੀ ਜਿਸ ਵਿੱਚ ਉਨ੍ਹਾਂ ਕਿਸਾਨ ਸੰਘਰਸ਼ ਦੌਰਾਨ ਹਿੰਸਾ ਤੋਂ ਟਲਣ ਲਈ ਕਿਹਾ ਸੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਗ ਇਸ ਸੰਘਰਸ਼ ਵਿੱਚ ਕਿਤੇ ਵੀ ਹਿੰਸਾ ਨੂੰ ਜਗ੍ਹਾ ਨਾ ਦੇਣ।