ਆਤਿਸ਼ ਗੁਪਤਾ
ਚੰਡੀਗੜ੍ਹ, 22 ਨਵੰਬਰ
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਦੇ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਵੱਲੋਂ ਦਿੱਲੀ ਜਾ ਕੇ ਮੁਜ਼ਾਹਰਾ ਕਰਨ ਸਬੰਧੀ ਬਣਾਏ ਪ੍ਰੋਗਰਾਮ ਵਿੱਚ ‘ਆਪ’ ਆਗੂ ਬਿਨਾਂ ਪਾਰਟੀ ਦੇ ਝੰਡੇ ਤੋਂ ਕਿਸਾਨਾਂ ਦੀ ਅਗਵਾਈ ਹੇਠ ਸ਼ਾਮਲ ਹੋਣਗੇ। ਮਾਨ ਨੇ ਕਿਹਾ ਕਿ ਕਿਸਾਨ ਪੰਜਾਬ ਲਈ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੇ ਸਹਾਰੇ ਸੂਬੇ ਦੀ ਹਰ ਚੀਜ਼ ਖੜ੍ਹੀ ਹੈ। ਕਿਸਾਨਾਂ ਤੋਂ ਬਗ਼ੈਰ ਪੰਜਾਬ ਨੂੰ ਅੱਗੇ ਨਹੀਂ ਲਿਜਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਵਿੱਚ ‘ਆਪ’ ਰਾਜਨੀਤੀ ਤੋਂ ਉਪਰ ਉੱਠ ਕੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੋਵੇਗੀ। ‘ਆਪ’ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਅੱਜ ਜਦੋਂ ਸਾਡੇ ਕਿਸਾਨ, ਮਾਵਾਂ-ਭੈਣਾਂ ਆਪਣੀ ਜ਼ਮੀਨ ਬਚਾਉਣ ਲਈ ਠੰਢੀਆਂ ਰਾਤਾਂ ਖੁੱਲ੍ਹੇ ਅਸਮਾਨ ਹੇਠ ਸੜਕਾਂ ਉੱਤੇ ਕੱਟ ਰਹੇ ਹਨ ਤਾਂ ਅਸੀਂ ਚੈਨ ਨਾਲ ਨਹੀਂ ਬੈਠ ਸਕਦੇ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖਦਾਇਕ ਹੈ ਕਿ ਦਿਨ-ਰਾਤ ਮਿਹਨਤ ਕਰਕੇ ਦੂਜਿਆਂ ਦਾ ਢਿੱਡ ਭਰਨ ਵਾਲੇ ਕਿਸਾਨ ਦੀ ਗੱਲ ਨਾ ਤਾਂ ਮੋਦੀ ਅਤੇ ਨਾ ਹੀ ਕੈਪਟਨ ਅਮਰਿੰਦਰ ਸਿੰਘ ਸੁਣ ਰਹੇ ਹਨ। ਸੰਸਦ ਮੈਂਬਰਾਂ ਨੇ ਕਿਹਾ ਕਿ ‘ਆਪ’ ਵਰਕਰ ਅਤੇ ਅਹੁਦੇਦਾਰ ਰਾਜਨੀਤਕ ਵਖਰੇਵਿਆਂ ਨੂੰ ਪਾਸੇ ਛੱਡਦਿਆਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਆਪਣਾ ਸਮਰਥਨ ਦੇਣ ਦੀ ਨੀਅਤ ਨਾਲ 26 ਅਤੇ 27 ਨਵੰਬਰ ਨੂੰ ਸੰਘਰਸ਼ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਵਰਕਰਾਂ ਅਤੇ ਪਾਰਟੀ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਾਸੀ ਹੋਣ ਦੇ ਨਾਂ ’ਤੇ ਬਿਨਾਂ ਕਿਸੇ ਆਪਣੇ ਹਿੱਤ ਤੋਂ ਵੱਧ ਚੜ੍ਹ ਕੇ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਤਾਂ ਜੋ ਲੋਕ ਵਿਰੋਧੀ ਸਰਕਾਰਾਂ ਨੂੰ ਲੋਕ ਸੰਘਰਸ਼ ਅੱਗੇ ਝੁਕਾਇਆ ਜਾ ਸਕੇ।