ਕੁਲਦੀਪ ਸਿੰਘ
ਚੰਡੀਗੜ੍ਹ, 18 ਅਕਤੂਬਰ
ਪੰਜਾਬ ਸਰਕਾਰ ਦੇ ਲਗਪਗ 46 ਵਿਭਾਗਾਂ ਦੇ ਮਨਿਸਟੀਰੀਅਲ ਕਾਮਿਆਂ ਨੇ ਕਲਮ ਛੱਡੋ ਅਤੇ ਕੰਪਿਊਟਰ ਬੰਦ ਹੜਤਾਲ ਦੇ ਨੌਵੇਂ ਦਿਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਮੁਕੰਮਲ ਠੱਪ ਰੱਖਿਆ। ਇਸ ਸਬੰਧੀ ਪੀਐੱਸਐੱਮਐੱਸਯੂ ਦੇ ਮੁੱਖ ਬੁਲਾਰੇ ਅਤੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਨੇ ਦੱਸਿਆ ਕਿ ਪੰਜਾਬ ਦੇ 23 ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਹਰ ਜ਼ਿਲ੍ਹੇ ਦੇ ਹੈੱਡਕੁਆਰਟਰਾਂ ’ਤੇ ਮਨਿਸਟੀਰੀਅਲ ਕਾਮਿਆਂ ਨੇ ਮੁਜ਼ਾਹਰੇ ਕਰਨ ਉਪਰੰਤ ਮੋਟਰਸਾਈਕਲ ਅਤੇ ਪੈਦਲ ਮਾਰਚ ਕਰ ਕੇ ਉੱਥੋਂ ਦੇ ‘ਆਪ’ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ। ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਨੂੰ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਯੂਨੀਅਨ ਵੱਲੋਂ ਮੰਗਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਨਾਲ ਸੀਪੀਐੱਫ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਵੀ ਹਾਜ਼ਰ ਸਨ। ਸੂਬਾ ਪ੍ਰਧਾਨ ਵਿਰਕ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਰਾਹੀਂ ਸਰਕਾਰ ਤੱਕ ਇਹ ਗੱਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਮਾਨ ਸਰਕਾਰ ਮੁਲਾਜ਼ਮ ਆਗੂਆਂ ਨਾਲ ਗੱਲਬਾਤ ਲਈ ਸਮਾਂ ਦੇਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰੇ ਅਤੇ ਬਾਕੀ ਮੰਗਾਂ ਲਾਗੂ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵਿਧਾਇਕ ਵੀ ਬੇਵੱਸ ਅਤੇ ਲਾਚਾਰ ਮਹਿਸੂਸ ਕਰ ਰਹੇ ਹਨ ਜਿਹੜੇ ਕਿ ਜਥੇਬੰਦੀ ਨੂੰ ਮੁੱਖ ਮੰਤਰੀ ਪਾਸੋਂ ਮੀਟਿੰਗ ਦਾ ਸਮਾਂ ਨਹੀਂ ਦਿਵਾ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਦੀ ਅਗਵਾਈ ਵਿੱਚ ਮਨਿਸਟਰੀਅਲ ਕਾਮਿਆਂ ਦੀ ਕਲਮ ਛੱਡੋ ਹੜਤਾਲ ਅੱਗੇ ਵੀ ਜਾਰੀ ਰਹੇਗੀ।