ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਪਰੈਲ
ਆਮ ਆਦਮੀ ਪਾਰਟੀ ਨੇ ਦਿੱਲੀ ਦੀਆਂ ਬਰੂਹਾਂ ’ਤੇ ਪਿਛਲੇ ਸਾਢੇ ਚਾਰ ਮਹੀਨੇ ਤੋਂ ਸੰਘਰਸ਼ ਰਹੇ ਕਿਸਾਨਾਂ ਨੂੰ ਜਬਰੀ ਹਟਾਉਣ ਲਈ ਮੋਦੀ ਸਰਕਾਰ ਵੱਲੋਂ ਐਲਾਨੀ ਗਈ ਯੋਜਨਾ ‘ਅਪਰੇਸ਼ਨ ਕਲੀਨ’ ਦਾ ਵਿਰੋਧ ਕੀਤਾ ਹੈ। ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਰੋਨਾ ਦਾ ਬਹਾਨਾ ਬਣਾ ਕੇ ਅੰਦੋਲਨਕਾਰੀ ਕਿਸਾਨਾਂ ਨੂੰ ਜਬਰਦਸਤੀ ਹਟਾਉਣ ਦੀ ਸਾਜਿਸ਼ ਘੜ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਤਾਨਾਸ਼ਾਹੀ ਕਦਮ ਕਰਾਰ ਦਿੱਤਾ।
ਸੰਧਵਾਂ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਲੱਖਾਂ ਕਿਸਾਨ ਸ਼ਾਂਤੀ ਨਾਲ ਅੰਦੋਲਨ ਕਰ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਥਾਂ ਉਨ੍ਹਾਂ ਦੇ ਲੋਕਤੰਤਰਿਕ ਹੱਕ ਕੁਚਲਣ ਦੀ ਤਿਆਰੀ ਕਰ ਰਹੀ ਹੈ। ਜੇ ਇਸ ਦੌਰਾਨ ਕਿਸਾਨਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਮੋਦੀ ਸਰਕਾਰ ਅਤੇ ਖੱਟਰ ਸਰਕਾਰ ਦੀ ਹੋਵੇਗੀ। ‘ਆਪ’ ਆਗੂ ਨੇ ਕਿਹਾ ਕਿ ਮੋਦੀ ਸਰਕਾਰ ਪਹਿਲੇ ਦਿਨ ਤੋਂ ਹੀ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਸਾਜਿਸ਼ ਘੜ ਰਹੀ ਸੀ ਪਰ ਕਿਸਾਨਾਂ ਦੀ ਏਕਤਾ ਅਤੇ ਭਾਈਚਾਰਕ ਸਾਂਝ ਕਾਰਨ ਸਰਕਾਰ ਦੀਆਂ ਸਾਜਿਸ਼ਾਂ ਅਸਫ਼ਲ ਹੋ ਗਈਆਂ। ਹੁਣ ਜਦੋਂ ਕੇਂਦਰ ਸਰਕਾਰ ਦੇ ਸਾਰੇ ਹਥਕੰਡੇ ਫੇਲ੍ਹ ਹੋ ਗਏ ਤਾਂ ਕਰੋਨਾ ਦੇ ਬਹਾਨੇ ਕਿਸਾਨਾਂ ’ਤੇ ਜ਼ੁਲਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਵੱਡੀ ਗਿਣਤੀ ’ਚ ਦਿੱਲੀ ਦੀਆਂ ਸਰਹੱਦਾਂ ’ਤੇ ਧਰਨੇ ਵਾਲੀਆਂ ਥਾਵਾਂ ’ਤੇ ਪਹੁੰਚਣ ਦੀ ਅਪੀਲ ਕੀਤੀ ਤਾਂ ਜੋ ਮੋਦੀ ਅਤੇ ਖੱਟਰ ਸਰਕਾਰ ਦੀ ਤਾਨਾਸ਼ਾਹੀ ਦਾ ਡੱਟ ਕੇ ਮੁਕਾਬਲਾ ਕਰਕੇ ਕਿਸਾਨੀ ਸੰਘਰਸ਼ ਬਚਾਇਆ ਜਾ ਸਕੇ।