ਅਜੇ ਮਲਹੋਤਰਾ
ਬਸੀ ਪਠਾਣਾਂ/ਫ਼ਤਹਿਗੜ੍ਹ ਸਾਹਿਬ, 12 ਜੂਨ
ਬਸੀ ਪਠਾਣਾਂ ਦੇ ਰਾਮ ਮੰਦਰ ਕੋਲ ਡੇਢ ਕਰੋੜ ਦੀ ਲਾਗਤ ਨਾਲ ਬਣਨ ਵਾਲੇ ਵੈੱਟਲੈਂਡ ਪਾਰਕ ਦੇ ਕੰਮ ਦਾ ਨੀਂਹ ਪੱਥਰ ਅੱਜ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਸਾਂਝੇ ਤੌਰ ’ਤੇ ਰੱਖਿਆ। ਸਾਧੂ ਸਿੰਘ ਧਰਮਸੋਤ ਨੇ ਵੈੱਟਲੈਂਡ ਪਾਰਕ ਦਾ ਨੀਂਹ ਪੱਥਰ ਰੱਖਣ ਮਗਰੋਂ ਸਾਢੇ 4 ਸਾਲਾਂ ਦੌਰਾਨ ਕੈਪਟਨ ਸਰਕਾਰ ਵੱਲੋਂ ਕੀਤੇ ਕਾਰਜਾਂ ਦਾ ਵੇਰਵਾ ਵੀ ਦਿੱਤਾ ਗਿਆ। ਕੈਬੀਨੇਟ ਮੰਤਰੀ ਧਰਮਸੋਤ ਦੀਆਂ ਗੱਡੀਆਂ ਦਾ ਕਾਫਲਾ ਜਦੋਂ ਬਸੀ ਪਠਾਣਾਂ ਦੀ ਬਾਹਰਲੀ ਸੜਕ ਤੋਂ ਲੰਘਿਆ ਤਾਂ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਉਂਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਦੋਂਕਿ ਪੁਲੀਸ ਵੱਲੋਂ ਕੀਤੇ ਗਏ ਸਖਤ ਸੁਰੱਖਿਆ ਪ੍ਰਬੰਧਾਂ ਦੇ ਚੱਲਦਿਆਂ ਰੋਸ ਪ੍ਰਗਟਾ ਰਹੇ ਕਿਸੇ ਵੀ ਆਪ ਵਰਕਰ ਜਾਂ ਆਗੂ ਨੂੰ ਸਮਾਗਮ ਵਾਲੇ ਸਥਾਨ ਜਾਂ ਉਨ੍ਹਾਂ ਦੀਆਂ ਗੱਡੀਆਂ ਨੇੜੇ ਨਹੀਂ ਜਾਣ ਦਿੱਤਾ ਗਿਆ।ਇਨ੍ਹਾਂ ਆਗੂਆਂ ਨੇ ਧਰਮਸੋਤ ਵਿਰੁੱਧ ਅੱਜ ਸਰਹਿੰਦ ਦੇ ਫੁਆਰਾ ਚੌਕ ਵਿੱਚ ਵੀ ਨਾਅਰੇਬਾਜ਼ੀ ਕੀਤੀ ਤੇ ਉਸ ਦਾ ਪੁਤਲਾ ਫੂਕਿਆ। ਪ੍ਰਦਰਸ਼ਨ ਦੌਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਆਪ ਆਗੂ ਪਰਦੀਪ ਮਲਹੋਤਰਾ, ਐਡਵੋਕੇਟ ਨਿਰਮਲ ਸਿੰਘ ਦਿਵਾਨਾ ਵੱਲੋਂ ਧਰਮਸੋਤ ਉੱਤੇ ਗਰੀਬ ਤੇ ਰਾਖਵੇਂ ਵਰਗ ਦੇ ਬੱਚਿਆਂ ਦੇ ਵਜ਼ੀਫਿਆਂ ਦੇ ਪੈਸੇ ਹੜੱਪਣ ਦੇ ਦੋਸ਼ ਲਾਉਂਦਿਆਂ ਉਨ੍ਹਾਂ ਦੀ ਮੰਤਰੀ ਮੰਡਲ ’ਚੋਂ ਬਰਖਾਸਤਗੀ ਦੀ ਮੰਗ ਕੀਤੀ। ਸ੍ਰੀ ਧਰਮਸੋਤ ਨੇ ਕਿਹਾ ਕਿ ਇਨ੍ਹਾਂ ਦੋਸ਼ਾਂ ਦੀ ਜਾਂਚ ਕਰਵਾਈ ਜਾ ਚੁੱਕੀ ਹੈ ਤੇ ਇਸ ਮਾਮਲੇ ’ਚ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਚੁੱਕੀ ਹੈ ਤੇ ਆਪ ਆਗੂ ਸਿਆਸਤ ਚਮਕਾਉਣ ਲਈ ਅਜਿਹੇ ਦੋਸ਼ ਲਗਾ ਰਹੇ ਹਨ।
ਰੂਪਨਗਰ (ਪੱਤਰ ਪ੍ਰੇਰਕ) ਅੱਜ ਆਮ ਆਦਮੀ ਪਾਰਟੀ(ਆਪ) ਰੂਪਨਗਰ ਦੇ ਆਗੂਆਂ ਤੇ ਵਰਕਰਾਂ ਨੇ ਪੰਜਾਬ ਦੇ ਐੱਸਸੀ/ਐੱਸਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਵਜ਼ੀਫੇ ’ਚ ਕੀਤੇ ਕਥਿਤ ਘੁਟਾਲੇ ਵਿਰੁੱਧ ਜ਼ਿਲ੍ਹਾ ਪ੍ਰਧਾਨ ਹਰਮਿੰਦਰ ਸਿੰਘ ਢਾਹੇ ਦੀ ਅਗਵਾਈ ’ਚ ਬੇਲਾ ਚੌਕ ’ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਰੁੱਧ ਪੁਤਲਾ ਫੂਕ ਮੁਜ਼ਾਹਰਾ ਕੀਤਾ। ਮੁਜ਼ਾਹਰਾਕਾਰੀਆਂ ਨੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਘੁਟਾਲੇ ਵਿੱਚ ਸ਼ਾਮਲ ਮੰਤਰੀਆਂ ਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਸਮੇਂ ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ 78272-73487 ਜਾਰੀ ਕੀਤਾ, ਜਿਸ ’ਤੇ ਵਿਦਿਆਰਥੀ ਆਪਣੀ ਸਮੱਸਿਆ ਦਰਜ ਕਰਵਾ ਸਕਦੇ ਹਨ।
ਧਰਮਸੋਤ ਦੀ ਗ੍ਰਿਫ਼ਤਾਰੀ ਲਈ ‘ਆਪ’ ਵੱਲੋਂ ਮੁਜ਼ਾਹਰਾ
ਐਸ.ਏ.ਐਸ. ਨਗਰ (ਮੁਹਾਲੀ) (ਪੱਤਰ ਪ੍ਰੇਰਕ) ਆਮ ਆਦਮੀ ਪਾਰਟੀ (ਆਪ) ਦੇ ਵਲੰਟੀਅਰਾਂ ਨੇ ਅੱਜ ਇੱਥੋਂ ਦੇ ਫੇਜ਼-3/5 ਲਾਲ ਬੱਤੀ ਪੁਆਇੰਟ ’ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਤੇ ਮੰਤਰੀ ਦਾ ਪੁਤਲਾ ਸਾੜ ਕੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਗੋਵਿੰਦਰ ਮਿੱਤਲ ਨੇ ਕੀਤੀ। ਉਨ੍ਹਾਂ ਮੰਗ ਕੀਤੀ ਕਿ ਵਜ਼ੀਫ਼ਾ ਘੁਟਾਲੇ ਵਿੱਚ ਸ਼ਾਮਲ ਮੰਤਰੀਆਂ ਤੇ ਉੱਚ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਆਪ ਪਾਰਟੀ ਨੇ ਦਲਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਜਿਸ ’ਤੇ ਵਿਦਿਆਰਥੀ ਆਪਣੀ ਸਮੱਸਿਆ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਸਬੰਧੀ ਵਾਈਟ ਪੇਪਰ ਜਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਚਾਈ ਲੋਕਾਂ ਸਾਹਮਣੇ ਆ ਸਕੇ। ਇਸ ਮੌਕੇ ‘ਆਪ’ ਦੇ ਕਾਨੂੰਨੀ ਸੈੱਲ ਦੇ ਆਗੂ ਜਸਟਿਸ ਜੋਰਾ ਸਿੰਘ, ਨਰਿੰਦਰ ਸਿੰਘ ਸ਼ੇਰਗਿੱਲ, ਵਿਨੀਤ ਵਰਮਾ, ਗੁਰਿੰਦਰ ਸਿੰਘ ਕੈਰੋਂ, ਪ੍ਰਭਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਦੇ ਪੈਸੇ ਕਥਿਤ ਤੌਰ ’ਤੇ ਹੜੱਪਣ ਕਾਰਨ ਕਰਕੇ ਕਰੀਬ 2 ਲੱਖ ਵਿਦਿਆਰਥੀਆਂ ਦਾ ਭਵਿੱਖ ਦਾਅ ’ਤੇ ਲੱਗ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਧਰਮਸੋਤ ਨੂੰ ਪੰਜਾਬ ਕੈਬਨਿਟ ’ਚੋਂ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕੀਤਾ ਜਾਵੇ।