ਪਾਣੀ ਦੇ ਮਸਲੇ ’ਤੇ ਦੋਹਰੇ ਮਾਪਦੰਡ ਲਈ ‘ਆਪ’ ਨੇ ਕਾਂਗਰਸ ਨੂੰ ਘੇਰਿਆ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਮਈ
ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਕੇਂਦਰ ਤੇ ਹਰਿਆਣਾ ਸਰਕਾਰ ’ਤੇ ਪੰਜਾਬ ਨੂੰ ਪਾਣੀ ਦੇ ਉਸ ਦੇ ਬਣਦੇ ਹਿੱਸੇ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਘੜਨ ਦਾ ਦੋਸ਼ ਲਾਇਆ ਅਤੇ ਇਸ ਦੀ ਸਖ਼ਤ ਨਿਖੇਧੀ ਕੀਤੀ। ਸ੍ਰੀ ਕੰਗ ਨੇ ਪਾਣੀਆਂ ਦੇ ਮੁੱਦੇ ’ਤੇ ਕਾਂਗਰਸ ਉੱਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਾਉਂਦਿਆਂ ਉਨ੍ਹਾਂ ਦੇ ਇਸ ਰਵੱਈਏ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨੇ ਪੰਜਾਬ ਤੇ ਹਰਿਆਣਾ ਦੇ ਕਾਂਗਰਸੀ ਆਗੂਆਂ ਦੇ ਵਿਰੋਧੀ ਰੁਖ਼ ਨੂੰ ਉਜਾਗਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਕਾਂਗਰਸ ਦੇ ਆਗੂ ਸੁਰਜੇਵਾਲਾ ਨੂੰ ਪਹਿਲਾਂ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੰਜਾਬ ਕਾਂਗਰਸ ਸਹੀ ਹੈ ਜਾਂ ਹਰਿਆਣਾ ਕਾਂਗਰਸ। ਪੰਜਾਬ ਵਿੱਚ ਸਰਬ ਪਾਰਟੀ ਮੀਟਿੰਗ ਦੌਰਾਨ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਸਟੈਂਡ ਦਾ ਸਮਰਥਨ ਕੀਤਾ ਸੀ ਕਿ ਪੰਜਾਬ ਆਪਣੇ ਹਿੱਸੇ ਦੇ ਪਾਣੀ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਉਲਟ ਸੁਰਜੇਵਾਲਾ ਨੇ ਅੱਜ ਪੰਜਾਬ ’ਤੇ ਗ਼ਲਤ ਕੰਮ ਕਰਨ ਦਾ ਦੋਸ਼ ਲਗਾ ਕੇ ਹਰਿਆਣਾ ਦੇ ਕੁਪ੍ਰਬੰਧਨ ਅਤੇ ਪਾਣੀ ਦੀ ਬਹੁਤ ਜ਼ਿਆਦਾ ਖਪਤ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕੀਤੀ ਹੈ। ਸ੍ਰੀ ਕੰਗ ਨੇ ਪੰਜਾਬ ਦੇ ਪਾਣੀ ਦੇ ਅਧਿਕਾਰਾਂ ਦੀ ਰੱਖਿਆ ਅਤੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਸਰਗਰਮ ਉਪਾਵਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਸ਼ੰਸਾ ਕੀਤੀ।