ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ’ਤੇ ਸਿਆਸਤ ਕਰਨ ਵਾਲਿਆਂ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਗਾਇਕ ਨੇ ਆਪਣੇ ਗੀਤਾਂ ਰਾਹੀਂ ਦੇਸ਼-ਵਿਦੇਸ਼ ਵਿੱਚ ਪੰਜਾਬੀ ਸੱਭਿਆਚਾਰ ਦਾ ਮਾਣ ਵਧਾਇਆ ਅਤੇ ਛੋਟੀ ਉਮਰ ’ਚ ਵੱਡੀ ਸਫ਼ਲਤਾ ਅਤੇ ਸ਼ੋਹਰਤ ਹਾਸਲ ਕੀਤੀ ਸੀ, ਅਜਿਹੀ ਪ੍ਰਸਿੱਧ ਸ਼ਖ਼ਸੀਅਤ ਦੀ ਮੌਤ ’ਤੇ ਰਾਜਨੀਤੀ ਕਰਨਾ ਬੇਹੱਦ ਮੰਦਭਾਗਾ ਹੈ। ਕੰਗ ਨੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਦੀਆਂ ਪੁਰਾਣੀਆਂ ਵੀਡੀਓ ਪੇਸ਼ ਕੀਤੀਆਂ, ਜਿਸ ਵਿੱਚ ਇਹ ਸਾਰੇ ਆਗੂ ਸਿੱਧੂ ਮੂਸੇਵਾਲਾ ਨੂੰ ਗੈਂਗਸਟਰ ਦੱਸ ਰਹੇ ਹਨ। ‘ਆਪ’ ਆਗੂ ਨੇ ਕਿਹਾ ਕਿ ‘ਆਪ’ ਗੈਂਗਸਟਰਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਕਾਰਵਾਈ ਕਰ ਰਹੀ ਹੈ। ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਸਿੱਧੂੂ ਮੂਸੇਵਾਲਾ ਦੀ ਹੱਤਿਆ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਅਤੇ ਸਾਜ਼ਿਸ਼ਘਾੜਿਆਂ ਨੂੰ ਸਖ਼ਤ ਸਜ਼ਾ ਦੇਵੇਗੀ। ਪੰਜਾਬ ਸਰਕਾਰ ਨੇ ਮੂਸੇਵਾਲਾ ਦੀ ਹੱਤਿਆ ਮਾਮਲੇ ਦੀ ਜਾਂਚ ਲਈ ਛੇ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦਾ ਗਠਨ ਕੀਤਾ ਹੈ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਜਾਂਚ ਕਮੇਟੀ ਤੋਂ ਮਾਮਲੇ ਦੀ ਰਿਪੋਰਟ ਲੈ ਰਹੇ ਹਨ ਅਤੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।