ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 15 ਜੂਨ
ਆਮ ਆਦਮੀ ਪਾਰਟੀ (ਆਪ) ਦੀ ਕੋਰ ਕਮੇਟੀ ਦੇ ਚੇਅਰਮੈਨ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਕਾਰਗੁਜ਼ਾਰੀ ਦੇ ਆਧਾਰ ’ਤੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ।
ਮਾਛੀਵਾੜਾ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਮੁੱਖ ਅਹੁਦੇਦਾਰਾਂ ਤੇ ਆਗੂਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਵਿਧਾਇਕ ਪ੍ਰਿੰ. ਬੁੱਧ ਰਾਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੱਧੂ ਦੇ ਪਾਰਟੀ ਵਿਚ ਸ਼ਾਮਿਲ ਹੋਣ ਦੀਆਂ ਚਰਚਾਵਾਂ ਹਨ ਅਤੇ ਜੇ ਉਹ ‘ਆਪ’ ਵਿਚ ਸ਼ਾਮਿਲ ਹੁੰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਨਵਜੋਤ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ਦੇ ਸਵਾਲਾਂ ’ਤੇ ਉਨ੍ਹਾਂ ਕਿਹਾ ਕਿ ਪਹਿਲਾਂ ਸਿੱਧੂ ਪਾਰਟੀ ’ਚ ਸ਼ਾਮਿਲ ਹੋਣ ਫਿਰ ਉਨ੍ਹਾਂ ਦੀ ਕਾਰਗੁਜ਼ਾਰੀ ਦੇਖ ਕੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਤੇ ਕੋਰ ਕਮੇਟੀ ਫ਼ੈਸਲਾ ਲਵੇਗੀ ਕਿ ਕਿਸ ਆਗੂ ਨੂੰ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਵਜੋਂ ਚੋਣ ਮੈਦਾਨ ’ਚ ਉਤਾਰਨਾ ਹੈ। ਪੰਜਾਬ ਦੀ ਕਾਂਗਰਸ ਸਰਕਾਰ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਸੂਬੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮਹਿਲਾਂ ਤੋਂ ਬਾਹਰ ਨਹੀਂ ਨਿਕਲਦਾ ਜਦਕਿ ਉਸ ਦੀ ਛਤਰ-ਛਾਇਆ ਹੇਠ ਰੇਤ ਮਾਫ਼ੀਆ ਤੇ ਟਰਾਂਸਪੋਰਟ ਮਾਫ਼ੀਆ ਲੋਕਾਂ ਦੀ ਲੁੱਟ ਕਰ ਰਿਹਾ ਹੈ। ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਰੁਪਿੰਦਰ ਸਿੰਘ ਮੁੰਡੀ, ਨਰਿੰਦਰਪਾਲ ਸਿੰਘ ਬਾਜਵਾ, ਜਨਰਲ ਸਕੱਤਰ ਹਰਭੁਪਿੰਦਰ ਸਿੰਘ ਧਰੌੜ ਤੇ ਹੋਰ ਪਾਰਟੀ ਆਗੂ ਮੌਜੂਦ ਸਨ।