ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਮਈ
ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਬਾਅਦ ਹਰਿਆਣਾ ਵਿੱਚ ਹੋਣ ਵਾਲੀਆਂ ਸਥਾਨਕ ਚੋਣਾਂ ਲਈ ਤਿਆਰੀ ਖਿੱਚ ਲਈ ਹੈ। ਪਾਰਟੀ ਨੇ 19 ਜੂਨ ਨੂੰ ਹੋਣ ਵਾਲੀਆਂ ਸਥਾਨਕ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਲੜਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ‘ਆਪ’ ਹਰਿਆਣਾ ਦੇ ਇੰਚਾਰਜ ਸੁਸ਼ੀਲ ਗੁਪਤਾ ਨੇ ਚੰਡੀਗੜ੍ਹ ਵਿੱਚ ਮੀਡੀਆ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦਾ ਐਲਾਨ 29 ਮਈ ਨੂੰ ਕੁਰੂਕਸ਼ੇਤਰ ਵਿੱਚ ਹੋਣ ਵਾਲੀ ‘ਆਪ’ ਸੁਪਰੀਮੋ ਦੀ ਰੈਲੀ ਤੋਂ ਬਾਅਦ ਕੀਤਾ ਜਾਵੇਗਾ। ਅੱਜ ‘ਆਪ’ ਹਰਿਆਣਾ ਦੇ ਇੰਚਾਰਜ ਸੁਸ਼ੀਲ ਗੁਪਤਾ ਅਤੇ ਹੋਰਨਾਂ ਆਗੂਆਂ ਨੇ ਹਰਿਆਣਾ ਵਿੱਚ ਚੋਣ ਪ੍ਰਚਾਰ ਲਈ ਨਵਾਂ ਗੀਤ ਜਾਰੀ ਕੀਤਾ।
ਸ੍ਰੀ ਗੁਪਤਾ ਨੇ ਕਿਹਾ ਕਿ ਹਰਿਆਣਾ ਵਿੱਚ 19 ਜੂਨ ਨੂੰ 28 ਨਗਰ ਪਾਲਿਕਾ ਅਤੇ 18 ਨਗਰ ਪਰਿਸ਼ਦਾਂ ਦੀਆਂ ਆਮ ਚੋਣਾਂ ਹੋਣ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਦੇ ਸਮੇਂ ਭ੍ਰਿਸ਼ਟਾਚਾਰ ਦਾ ਬੋਲ-ਬਾਲਾ ਹੈ। ਇਸ ਲਈ ‘ਆਪ’ ਹਰਿਆਣਾ ਵਿੱਚ ਵੀ ਭ੍ਰਿਸ਼ਟਾਚਾਰ ਮੁਕਤ ਸਰਕਾਰ ਬਣਾਉਣ ਦਾ ਕੰਮ ਕਰੇਗੀ, ਜਿਸ ਦੀ ਸ਼ੁਰੂਆਤ ਸਥਾਨਕ ਚੋਣਾਂ ਤੋਂ ਕੀਤੀ ਜਾਵੇਗੀ। ਸ੍ਰੀ ਗੁਪਤਾ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ 75 ਸਾਲਾਂ ਦੌਰਾਨ ਰਾਜੇ ਦੇ ਪੁੱਤ ਨੂੰ ਹੀ ਰਾਜਾ ਬਣਾਇਆ ਜਾਂਦਾ ਹੈ ਪਰ ਹੁਣ ਸਮਾਂ ਬਦਲ ਗਿਆ ਹੈ। ਉਸ ਆਮ ਆਦਮੀ ਨੇ ਦਿੱਲੀ ਵਿੱਚ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਕੀਤੇ ਕੰਮਾਂ ਨੇ ਨਵੀਂ ਮਿਸਾਲ ਕਾਇਮ ਕਰ ਦਿੱਤੀ ਹੈ। ‘ਆਪ’ ਦੇ ਦਿੱਲੀ ਵਿੱਚ ਕੀਤੇ ਕੰਮਾਂ ਸਦਕਾ ਹੀ ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਵੱਡਾ ਫਤਵਾ ਦਿੰਦਿਆਂ 117 ਵਿੱਚੋਂ 92 ਸੀਟਾਂ ’ਤੇ ਜਿਤਵਾਇਆ ਹੈ।