ਨਿੱਜੀ ਪੱਤਰ ਪ੍ਰੇਰਕ
ਮੋਗਾ, 23 ਫ਼ਰਵਰੀ
ਇਥੇ ਆਮ ਆਦਮੀ ਪਾਰਟੀ ਨੇ ਸੂਬੇ ’ਚ ਸ਼ਹਿਰੀ ਚੋਣਾਂ ਸਬੰਧੀ ਸਮੀਖਿਆ ਅਤੇ ਮਿਸ਼ਨ 2022 ਉਤੇ ਚਰਚਾ ਕੀਤੀ। ਇਸ ਦੌਰਾਨ ਪਾਰਟੀ ਦੇ ਆਗੂ ਭਗਵੰਤ ਮਾਨ ਤੇ ਹੋਰ ਆਗੂਆਂ ਨੇ ਅਕਾਲੀ ਦਲ ਤੇ ਕਾਂਗਰਸ ਉੱਤੇ ਤਿੱਖੇ ਸ਼ਬਦੀ ਹਮਲੇ ਕੀਤੇ। ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਪਾਰਟੀ ਪੰਜਾਬ ਇੰਚਾਰਜ ਜਰਨੈਲ ਸਿੰਘ ਅਤੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪਾਰਟੀ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮਜ਼ਬੂਤ ਟੀਮ ਬਣਾਉਣ ਦਾ ਯਤਨ ਕਰ ਰਹੀ ਹੈ। ਪੰਜਾਬ ਦੇ ਲੋਕ ਹੁਣ ਤਬਦੀਲੀ ਚਾਹੁੰਦੇ ਹਨ ਅਤੇ ਲੋਕ ਆਮ ਆਦਮੀ ਪਾਰਟੀ ਨੂੰ ਇਕ ਬਦਲਾਅ ਵਜੋਂ ਦੇਖ ਰਹੇ ਹਨ। ਇਸ ਮੌਕੇ ਪਾਰਟੀ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਾਸਟਰ ਬਲਦੇਵ ਸਿੰਘ ਜੈਤੋ, ਪ੍ਰੋ.ਬਲਜਿੰਦਰ ਕੌਰ, ਪ੍ਰਿੰਸੀਪਲ ਬੁੱਧ ਰਾਮ, ਕੁਲਵੰਤ ਪੰਡੋਰੀ ਤੇ ਮਨਜੀਤ ਸਿੰਘ ਬਿਲਾਸਪੁਰ ਹਾਜ਼ਰ ਸਨ।