ਪਾਲ ਸਿੰਘ ਨੌਲੀ
ਜਲੰਧਰ, 22 ਫਰਵਰੀ
ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਤੇ ਸਹਿ ਇੰਚਾਰਜ ਰਾਘਵ ਚੱਢਾ ਨੇ ਅੱਜ ਇਥੇ ਦੱਸਿਆ ਕਿ ‘ਆਪ’ ਵੱਲੋਂ 21 ਮਾਰਚ ਨੂੰ ਬਾਘਾਪੁਰਾਣਾ ਵਿੱਚ ਕਿਸਾਨ ਮਹਾਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਸੰਬੋਧਨ ਕਰਨਗੇ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਸੱਤਾ ਵਿੱਚ ਰਹਿੰਦਿਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ। ਹੁਣ ਲੋਕਾਂ ਨੂੰ ਸਿਰਫ ਆਮ ਆਦਮੀ ਪਾਰਟੀ ਤੋਂ ਹੀ ਉਮੀਦਾਂ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਆਪਣੀ ਸਰਕਾਰ ਸਮੇਂ 2013 ਵਿੱਚ ਕੰਟਰੈਕਟ ਫਾਰਮਿੰਗ ਐਕਟ 2013 ਪਾਸ ਕੀਤਾ ਸੀ, ਜੋ ਕਿਸਾਨਾਂ ਨੂੰ ਵੱਡੇ ਕਾਰਪੋਰੇਟ ਘਰਾਣਿਆਂ ਦੇ ਗੁਲਾਮ ਬਣਾਉਂਦਾ ਸੀ। ਇਸ ਤੋਂ ਬਾਅਦ ਸੱਤਾ ਵਿੱਚ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਵਿਰੋਧੀ ਐਕਟ ਰੱਦ ਕਰਨ ਦੀ ਜਗ੍ਹਾ ਏਪੀਐੱਮਸੀ ਸੋਧ ਐਕਟ 2017 ਪਾਸ ਕਰ ਦਿੱਤਾ।
ਇਸ ਦੌਰਾਨ ਕੌਮਾਂਤਰੀ ਹਾਕੀ ਖਿਡਾਰੀ ਅਤੇ ਪੰਜਾਬ ਪੁਲੀਸ ਦੇ ਸੇਵਾਮੁਕਤ ਆਈਜੀ ਸੁਰਿੰਦਰ ਸੋਢੀ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੋਢੀ ਨੂੰ ਪਾਰਟੀ ਵਿੱਚ ਪੂਰਾ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵਿਸ਼ਵਾਸ ਹੈ ਕਿ ਪੰਜਾਬ ਵਿੱਚ ਸਿਰਫ ‘ਆਪ’ ਹੀ ਬਦਲਾਅ ਲਿਆ ਸਕਦੀ ਹੈ।
ਕੌਂਸਲ ਚੋਣਾਂ ਮਗਰੋਂ ‘ਆਪ’ ਆਗੂਆਂ ਨੇ ਅਗਲੀ ਰਣਨੀਤੀ ਉਲੀਕੀ
ਅੰਮ੍ਰਿਤਸਰ (ਟਨਸ): ‘ਆਪ’ ਆਗੂ ਭਗਵੰਤ ਮਾਨ, ਹਰਪਾਲ ਸਿੰਘ ਚੀਮਾ, ਜਰਨੈਲ ਸਿੰਘ ਅਤੇ ਰਾਘਵ ਚੱਢਾ ਵੱਲੋਂ ਅੱਜ ਇਥੇ ਪਾਰਟੀ ਅਹੁਦੇਦਾਰਾਂ, ਆਗੂਆਂ ਤੇ ਨਗਰ ਕੌਂਸਲ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਗਰ ਕੌਂਸਲ ਚੋਣਾਂ ਮਗਰੋਂ ਪਾਰਟੀ ਦੀ ਅਗਲੀ ਰਣਨੀਤੀ ਬਾਰੇ ਚਰਚਾ ਕੀਤੀ। ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਨ ਨੇ ਆਖਿਆ ਕਿ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਆਖਿਆ ਕਿ ਲੋਕ ਸੂਬੇ ਵਿੱਚ ਬਦਲਾਅ ਚਾਹੁੰਦੇ ਹਨ ਅਤੇ ਬਦਲਾਅ ਦੇ ਰੂਪ ਵਿੱਚ ਆਮ ਆਦਮੀ ਪਾਰਟੀ ਨੂੰ ਦੇਖਦੇ ਹਨ। ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਮੀਟਿੰਗ ਕੀਤੀ ਗਈ ਅਤੇ ਭਲਕੇ ਮੋਗਾ ਤੇ ਸਮਰਾਲਾ ਵਿੱਚ ਵਰਕਰਾਂ ਨਾਲ ਵਿਚਾਰ-ਚਰਚਾ ਕੀਤੀ ਜਾਵੇਗੀ।