ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਜਨਵਰੀ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੇ ਵਿਧਾਇਕਾਂ ਦੀ ਅਗਵਾਈ ਵਿੱਚ ਵਾਲੰਟੀਅਰ ਹਰ ਪਿੰਡ ਵਿੱਚੋਂ ਟਰੈਕਟਰ ਲੈ ਕੇ ਇਸ ਪਰੇਡ ਵਿੱਚ ਹਿੱਸਾ ਲੈਣਗੇ। ਇਸ ਅੰਦੋਲਨ ਵਿੱਚ ‘ਆਪ’ ਕਿਸੇ ਰਾਜਨੀਤਕ ਧਿਰ ਵਜੋਂ ਨਹੀਂ, ਸਗੋਂ ਪਾਰਟੀ ਦੇ ਵਾਲੰਟੀਅਰ ਕਿਸਾਨ, ਕਿਰਤੀ ਹੋਣ ਦੇ ਨਾਤੇ ਸ਼ਾਮਲ ਹੋਣਗੇ।
ਸ੍ਰੀ ਮਾਨ ਨੇ ਕਿਹਾ ਕਿ ਕਿਸਾਨ ਸੰਘਰਸ਼ ਵਿਸ਼ਵ ਦਾ ਸਭ ਤੋਂ ਵੱਡਾ ਅੰਦੋਲਨ ਬਣ ਚੁੱਕਿਆ ਹੈ ਜਿਸ ਵਿੱਚ ਐਨੀ ਵੱਡੀ ਗਿਣਤੀ ਲੋਕ ਸ਼ਾਮਲ ਹੋਣਗੇ। ਇਹ ਲੜਾਈ ਸਿਰਫ਼ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਹੀ ਨਹੀਂ, ਸਗੋਂ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਵੀ ਹੈ।
ਸੂਬਾ ਪ੍ਰਧਾਨ ਨੇ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਦੀ ਮੋਦੀ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਸੰਵਿਧਾਨਕ ਹੱਕਾਂ ’ਤੇ ਡਾਕੇ ਮਾਰਦੀ ਹੋਈ ਸੰਵਿਧਾਨ ਖ਼ਿਲਾਫ਼ ਕੰਮ ਕਰ ਰਹੀ ਹੈ, ਉਹ ਦੇਸ਼ ਲਈ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਲੋਕਤੰਤਰਿਕ ਢੰਗ ਨਾਲ ਚੁਣੀ ਗਈ ਸਰਕਾਰ ਲੋਕਾਂ ਦੀ ਗੱਲ ਸੁਣਨ ਦੀ ਬਜਾਇ ਅਡਾਨੀ-ਅੰਬਾਨੀ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਰਾਜਨੀਤਕ ਪਾਰਟੀ ਤੋਂ ਉਪਰ ਉੱਠ ਕੇ ਦੇਸ਼ ਦੇ ਅੰਨਦਾਤਾ ਦੇ ਸੰਘਰਸ਼ ਵਿੱਚ ਸਮਰਥਨ ਕਰ ਰਹੀ ਹੈ। ‘ਆਪ’ ਆਗੂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਅੜੀਅਲ ਰਵੱਈਆ ਛੱਡ ਕੇ ਤਿੰਨੇ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰੇ।