ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਮਈ
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਜਪਾ ਦੇ ਬੁਲਾਰੇ ਤੇਜਿੰਦਰ ਬੱਗਾ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਦਾ ਇਹ ਰਵੱਈਆ ਸੰਵਿਧਾਨ ਵਿੱਚ ਦਿੱਤੀ ਗਈ ਪ੍ਰਗਟਾਵੇ ਦੀ ਆਜ਼ਾਦੀ ’ਤੇ ਵੱਡਾ ਹਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਆਸੀ ਗੁਰੂ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ’ਤੇ ਪੰਜਾਬ ਪੁਲੀਸ ਦੀ ਦੁਰਵਰਤੋਂ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਦੇਸ਼ ਦੇ ਸੰਘੀ ਢਾਂਚੇ ਨੂੰ ਸੱਟ ਵੱਜ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਕਿਵੇਂ ‘ਆਪ’ ਸੰਵਿਧਾਨਕ ਅਧਿਕਾਰਾਂ ’ਤੇ ਹਮਲਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦਿੱਲੀ ਵਿੱਚ ਆਪਣੇ ਸਿਆਸੀ ਵਿਰੋਧੀਆਂ ਨਾਲ ਦੁਸ਼ਮਣੀ ਨਿਭਾਉਣ ਲਈ ਪੰਜਾਬ ਪੁਲੀਸ ਦੀ ਦੁਰਵਰਤੋਂ ਕਰ ਰਹੇ ਹਨ।