ਮਹਿੰਦਰ ਸਿੰਘ ਰੱਤੀਆਂ
ਮੋਗਾ, 21 ਮਾਰਚ
ਇਥੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਸਲੂਟ ਕਰਦੇ ਹਨ। ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਕਿਸਾਨ ਸੰਘਰਸ਼ ’ਚ ਸ਼ਹੀਦ ਸੂਬੇ ਦੇ 282 ਕਿਸਾਨਾਂ ਤੇ ਬੀਬੀਆਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਸਾਡਾ ਕਿਸਾਨ ਦੇਸ਼ਧ੍ਰੋਹੀ ਨਹੀਂ ਹੋ ਸਕਦਾ ਅਤੇ ਕਿਸਾਨਾਂ ਲਈ ਖੇਤੀਬਾੜੀ ਕਾਨੂੰਨ ਮੌਤ ਦੇ ਵਾਰੰਟ ਹਨ। ਅੱਜ ਆਪਣੇ ਦੇਸ਼ ਦਾ ਕਿਸਾਨ ਬਹੁਤ ਪੀੜਾ ਵਿਚ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਅੰਦਰ ਕੋਈ ਲਹਿਰ ਪੈਦਾ ਹੋਈ ਹੈ ਉਸ ਦੀ ਅਗਵਾਈ ਪੰਜਾਬ ਦੇ ਲੋਕਾਂ ਨੇ ਕੀਤੀ। ਕਿਸਾਨਾਂ ਦੀ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਜਾਇਜ਼ ਕਰਾਰ ਦਿੰਦੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਕਾਲੇ ਕਾਨੂੰਨਾਂ ਖ਼ਿਲਾਫ਼ ਵੀ ਪੰਜਾਬ ਤੋਂ ਅਵਾਜ਼ ਉੱਠੀ ਅਤੇ ਅੱਜ ਇਹ ਸੰਘਰਸ਼ ਪੂਰੇ ਦੇਸ਼ ’ਚ ਫੈਲ ਗਿਆ ਹੈ। ਉਹ ਕਿਸਾਨਾਂ ਦੇ ਨਾਲ ਹਨ। ਮੋਦੀ ਸਰਕਾਰ ਨੇ ਦਿੱਲੀ ਵਿੱਚ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕਣ ਲਈ 9 ਸਟੇਡੀਅਮ ਨੂੰ ਆਰਜ਼ੀ ਜੇਲ੍ਹ ਬਣਾਉਣ ਦੀ ਮੰਨਜੂਰੀ ਮੰਗੀ ਸੀ। ਮੋਦੀ ਸਰਕਾਰ ਕੋਲ ਸਟੇਡੀਅਮ ਨੂੰ ਜੇਲ੍ਹ ਬਣਾਉਣ ਦਾ ਅਧਿਕਾਰ ਨਾ ਹੋਣ ਕਾਰਨ ਅਤੇ ਉਨ੍ਹਾਂ ਵੱਲੋਂ ਇਨਕਾਰ ਕਰਨ ਉੱਤੇ ਕੇਂਦਰ ਸਰਕਾਰ ਉਨ੍ਹਾਂ ਉੱਤੇ ਖਫ਼ਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪੂੰਜੀਪਤੀ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਲਈ ਇਹ ਕਾਨੂੰਨ ਪਾਸ ਕਰਵਾਏ ਹਨ। ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਮਗਰੋਂ ਕਿਸਾਨਾਂ ਦੀ ਬਚੀ ਹੋਈ ਖੇਤੀ ਕੇਂਦਰ ਸਰਕਾਰ ਤਿੰਨ-ਚਾਰ ਪੂੰਜੀਪਤੀ ਸਾਥੀਆਂ ਦੇ ਹੱਥਾਂ ਵਿਚ ਸੌਂਪਣਾ ਚਾਹੁੰਦੀ ਹੈ। ਸ੍ਰੀ ਕੇਜਰੀਵਾਲ ਨੇ ਸੂਬੇ ਦੀ ਕੈਪਟਨ ਸਰਕਾਰ ਨੂੰ ਨਿਸ਼ਹਨਾ ਬਣਾਉਂਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵਿਧਾਨ ਸਭਾ ਚੋਣਾਂ 2017 ਵਿੱਚ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਮੈਂ ਦਿੱਲੀ ਵਿਚ ਸੱਤਾ ਵਿਚ ਆਇਆ ਸੀ, ਪੰਜ ਸਾਲਾਂ ਬਾਅਦ, ਬਿਜਲੀ ਕੰਪਨੀਆਂ ਠੀਕ ਹੋ ਗਈਆਂ ਸਨ। ਪਹਿਲਾਂ 20-20 ਹਜਾਰ ਦੇ ਬਿੱਲ ਦਿੱਲੀ ਆਉਂਦੇ ਸਨ, ਅੱਜ ਦਿੱਲੀ ਮੁਫ਼ਤ ਅਤੇ 24 ਘੰਟੇ ਬਿਜਲੀ ਪ੍ਰਾਪਤ ਕਰਦੀ ਹੈ। ਉਨ੍ਹਾਂ ਨੇ ਅਕਾਲੀ ਦਲ ਤੇ ਕਾਂਗਰਸ ਸਰਕਾਰ ’ਤੇ ਵਰਦੇ ਹੋਏ ਕਿਹਾ ਕਿ ਜਦੋਂ 2022 ’ਚ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਤਾਂ ਸੂਬੇ ’ਚ ਨਵਾਂ ਪੰਜਾਬ ਉਸਾਰਾਂਗੇ ਅਤੇ ਦਿੱਲੀ ਦੀ ਤਰਜ ਉੱਤੇ ਲੋਕਾਂ ਨੂੰ ਸਹੂਲਤਾਂ ਮਿਲਣਗੀਆਂ।