ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਸਤੰਬਰ
ਪੰਜਾਬ ਦੇ ਆੜ੍ਹਤੀਆਂ ਨੇ ਨਰਮੇ ਦੀ ਆੜ੍ਹਤ ਨੂੰ ਲੈ ਕੇ ਐਲਾਨੇ ਸੰਘਰਸ਼ ਨੂੰ ਫਿਲਹਾਲ 9 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਹੈ। ਅੱਜ ਖੇਤੀ ਮੰਤਰੀ ਕੁਲਦੀਪ ਧਾਲੀਵਾਲ ਨਾਲ ਆੜ੍ਹਤੀਆਂ ਨੇ ਮੀਟਿੰਗ ਕੀਤੀ ਜਿਸ ਵਿਚ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਨੇ ਪੰਜ ਸਤੰਬਰ ਨੂੰ ਕੀਤਾ ਜਾਣ ਵਾਲਾ ਸੰਘਰਸ਼ 9 ਸਤੰਬਰ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ। ਆੜ੍ਹਤੀਆਂ ਵੱਲੋਂ ਪੰਜ ਸਤੰਬਰ ਨੂੰ ਮੀਟਿੰਗ ਕੀਤੀ ਜਾਵੇਗੀ। ਇਸੇ ਦੌਰਾਨ ਪੰਜਾਬ ਸਰਕਾਰ ਨੇ ਨਰਮੇ ਦੀ ਆੜ੍ਹਤ ਬਾਰੇ ਫੈਸਲੇ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੁਝ ਦਿਨ ਪਹਿਲਾਂ ਕਪਾਹ ਮਿੱਲਾਂ ਦੇ ਮਾਲਕਾਂ ਨਾਲ ਮੀਟਿੰਗ ਮਗਰੋਂ ਨਰਮੇ ਦੀ ਆੜ੍ਹਤ ਢਾਈ ਫੀਸਦੀ ਤੋਂ ਇੱਕ ਫੀਸਦੀ ਕਰਨ ਦਾ ਐਲਾਨ ਕੀਤਾ ਸੀ ਜਿਸ ਮਗਰੋਂ ਆੜ੍ਹਤੀ ਖਫ਼ਾ ਹੋ ਗਏ ਸਨ। ਖੇਤੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਨਰਮੇ ਦੀ ਆੜ੍ਹਤ ਬਾਰੇ ਫੈਸਲਾ ਸਾਰੀਆਂ ਧਿਰਾਂ ਨਾਲ ਗੱਲਬਾਤ ਕਰਨ ਮਗਰੋਂ ਲਵੇਗੀ। ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਾਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 9 ਸਤੰਬਰ ਨੂੰ ਮੀਟਿੰਗ ਸੱਦੀ ਹੈ ਜਿਸ ਵਿਚ ਕਪਾਹ ਮਿੱਲ ਮਾਲਕਾਂ ਤੋਂ ਇਲਾਵਾ ਆੜ੍ਹਤੀਆ ਐਸੋਸੀਏਸ਼ਨਾਂ ਨੂੰ ਵੀ ਸੱਦਿਆ ਗਿਆ ਹੈ। ਮੰਤਰੀ ਧਾਲੀਵਾਲ ਨੇ ਦੱਸਿਆ ਕਿ ਆੜ੍ਹਤੀਆਂ ਦੀ ਬੇਨਤੀ ’ਤੇ ਸਰਕਾਰ ਨੇ ਮੰਡੀਆਂ ਵਿੱਚ ਖਾਲੀ ਪਏ ਪਲਾਟਾਂ ਤੇ ਦੁਕਾਨਾਂ ਦੀ ਨਿਲਾਮੀ ਜਲਦ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਆੜ੍ਹਤੀਆਂ ਦੀਆਂ ਦੁਕਾਨਾਂ ਦੀ ਬਕਾਇਆ ਰਾਸ਼ੀ ’ਤੇ ਪੈਂਦੇ 24% ਵਿਆਜ ਨੂੰ ਤਰਕਸੰਗਤ ਕਰਨ ਦਾ ਭਰੋਸਾ ਵੀ ਦਿੱਤਾ ਹੈ।