ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 14 ਸਤੰਬਰ
ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਦੀ ਇਮਾਰਤ ’ਤੇ ਖ਼ਾਲਿਸਤਾਨੀ ਝੰਡਾ ਲਹਿਰਾਉਣ ਦੇ ਮਾਮਲੇ ਦੀ ਜਾਂਚ ਦਾ ਜ਼ਿੰਮਾ ਨੈਸ਼ਨਲ ਜਾਂਚ ਏਜੰਸੀ (ਐੱਨਆਈਏ) ਦੇ ਸਪੁਰਦ ਕਰ ਦਿੱਤਾ ਗਿਆ ਹੈ। ਸੋਮਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਐੱਨਆਈਏ ਦੇ ਵਿਸ਼ੇਸ਼ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵਿੱਚ ਹੋਈ। ਇਸ ਮਾਮਲੇ ਵਿੱਚ ਨਾਮਜ਼ਦ ਰਾਮ ਤੀਰਥ ਵਾਸੀ ਕਪੂਰੇ (ਮੋਗਾ) ਨੂੰ ਅੱਜ ਐੱਨਆਈਏ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਨੂੰ ਅਦਾਲਤ ਨੇ 12 ਅਕਤੂਬਰ ਤੱਕ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ ਹੈ। ਬਾਕੀ ਚਾਰ ਮੁਲਜ਼ਮਾਂ ਇੰਦਰਜੀਤ ਸਿੰਘ ਗਿੱਲ, ਜਸਪਾਲ ਸਿੰਘ ਉਰਫ਼ ਰਿੰਪਾ, ਆਕਾਸ਼ਦੀਪ ਸਿੰਘ ਅਤੇ ਜੋਗਿੰਦਰ ਸਿੰਘ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਇਸ ਮੌਕੇ ਐੱਨਆਈਏ ਦੀ ਜਾਂਚ ਟੀਮ ਅਤੇ ਮੋਗਾ ਪੁਲੀਸ ਦੇ ਮੁਲਾਜ਼ਮ ਵੀ ਹਾਜ਼ਰ ਸਨ। ਪਹਿਲਾਂ ਇਹ ਮਾਮਲਾ ਮੋਗਾ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਅਮਨਦੀਪ ਕੌਰ ਚਾਹਲ ਦੀ ਅਦਾਲਤ ਵਿੱਚ ਚੱਲ ਰਿਹਾ ਸੀ ਅਤੇ ਕੱਲ੍ਹ ਹੀ ਅਦਾਲਤ ਨੇ ਕੌਮੀ ਜਾਂਚ ਏਜੰਸੀ ਦੀ ਅਪੀਲ ’ਤੇ ਇਹ ਕੇਸ ਐੱਨਆਈਏ ਦੇ ਸਪੁਰਦ ਕੀਤਾ ਹੈ।
ਐੱਸਐੱਫਜੇ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ’ਤੇ ਦੇਸ਼ ਅਤੇ ਪੰਜਾਬ ਵਿੱਚ ਮੁੜ ਖਾੜਕੂ ਲਹਿਰ ਚਲਾਉਣ ਲਈ ਬੇਰੁਜ਼ਗਾਰ ਨੌਜਵਾਨਾਂ ਨੂੰ ਵਰਗਲਾਉਣ ਦੇ ਦੋਸ਼ ਲੱਗ ਰਹੇ ਹਨ। ਹੁਣ ਐੱਸਐਫਜੇ ਵੱਲੋਂ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਲਈ ਉਕਸਾਇਆ ਜਾ ਰਿਹਾ ਹੈ। ਐੱਸਐੱਫਜੇ ਸਲਾਹਕਾਰ ਗੁਰਪਤਵੰਤ ਸਿੰਘ ਪੰਨੂ ਨੇ ਉਨ੍ਹਾਂ ਦੀ ਜਾਇਦਾਦ ਕੁਰਕ ਕਰਨ ਦੀ ਕਾਰਵਾਈ ’ਤੇ ਕੇਂਦਰ ਸਰਕਾਰ ਨੂੰ ਚੁਣੌਤੀ ਦਿੰਦਿਆਂ ਆਖਿਆ ਕਿ ਪੰਜਾਬ-ਹਿੰਦ ਦੀ ਜੰਗ ਲੱਗ ਚੁੱਕੀ ਹੈ, ਜੋ ਆਜ਼ਾਦੀ ਤੱਕ ਜਾਰੀ ਰਹੇਗੀ।