ਜੋਗਿੰਦਰ ਸਿੰਘ ਮਾਨ
ਮਾਨਸਾ, 2 ਅਕਤੂਬਰ
ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਤੇ ਸ਼ਾਰਪ ਸ਼ੂਟਰ ਦੀਪਕ ਟੀਨੂੰ ਅੱਜ ਤੜਕੇ ਤਿੰਨ ਵਜੇ ਮਾਨਸਾ ਸੀਆਈਏ ਹਿਰਾਸਤ ’ਚੋਂ ਫ਼ਰਾਰ ਹੋ ਗਿਆ। ਮਾਨਸਾ ਦੇ ਕਿਸੇ ਪੁਲੀਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ ਪਰ ਪੰਜਾਬ ਦੇ ਸੀਨੀਅਰ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਉਸ ਨੂੰ ਗੋਇੰਦਵਾਲ ਦੀ ਜੇਲ੍ਹ ’ਚੋਂ ਕਿਸੇ ਪੁੱਛ-ਪੜਤਾਲ ਲਈ ਇਥੇ ਲਿਆਂਦਾ ਗਿਆ ਸੀ ਅਤੇ ਉਹ ਸੀਆਈਏ ਦੀ ਹਿਰਾਸਤ ’ਚੋਂ ਫ਼ਰਾਰ ਹੋ ਗਿਆ। ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਨਜ਼ਦੀਕੀ ਹੈ। ਸੂਬਾ ਪੁਲੀਸ ਨੂੰ ਚੌਕਸ ਕਰ ਦਿੱਤਾ ਗਿਆ ਹੈ। ਪੰਜਾਬ ਪੁਲੀਸ ਨੇ ਪੰਜਾਬ ਅਤੇ ਹਰਿਆਣਾ ਵਿੱਚ ਵੀ ਤਲਾਸ਼ੀ ਮੁਹਿੰਮ ਚਲਾ ਦਿੱਤੀ ਹੈ। ਇਸ ਦੌਰਾਨ ਗੈਂਗਸਟਰਾਂ ਦੇ ਭੱਜਣ ਵਿੱਚ ਮਾਨਸਾ ਸੀਆਈਏ ਇੰਚਾਰਜ ਦੀ ਭੂਮਿਕਾ ਸ਼ੱਕ ਦੇ ਘੇਰੇ ਵਿੱਚ ਹੈ। ਕੁਝ ਦਿਨ ਪਹਿਲਾਂ ਉਸ ਨੂੰ ਮਾਨਸਾ ਪੁਲੀਸ ਵੱਲੋਂ ਇੱਕ ਵੱਖਰੇ ਕੇਸ ਵਿੱਚ ਤਰਨਤਾਰਨ ਜ਼ਿਲ੍ਹੇ ਦੀ ਗੋਇੰਦਵਾਲ ਸਾਹਿਬ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ। ਟੀਨੂੰ, ਮੂਸੇਵਾਲਾ ਕਤਲ ਕੇਸ ਵਿੱਚ ਚਾਰਜਸ਼ੀਟ ਕੀਤੇ 24 ਮੁਲਜ਼ਮਾਂ ਵਿੱਚੋਂ ਇੱਕ ਹੈ। 4 ਜੁਲਾਈ ਨੂੰ ਪੰਜਾਬ ਪੁਲੀਸ ਟੀਨੂੰ ਨੂੰ ਮੂਸੇਵਾਲਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਕਰਨ ਤੋਂ ਬਾਅਦ ਪ੍ਰੋਡਕਸ਼ਨ ਵਾਰੰਟਾਂ ‘ਤੇ ਤਿਹਾੜ ਜੇਲ੍ਹ ਤੋਂ ਲੈ ਕੇ ਆਈ ਸੀ। ਮਾਨਸਾ ਪੁਲੀਸ ਵੱਲੋਂ ਦਾਇਰ ਚਾਰਜਸ਼ੀਟ ਅਨੁਸਾਰ ਟੀਨੂੰ ਗੈਂਗਸਟਰਾਂ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਹੈ ਅਤੇ ਉਹ ਵੱਖ-ਵੱਖ ਜੇਲ੍ਹਾਂ ਵਿੱਚ ਉਨ੍ਹਾਂ ਨਾਲ ਬੰਦ ਸੀ। ਪਿਛਲੇ ਮਹੀਨੇ ਜੇਲ੍ਹ ਵਿੱਚ ਉਸ ਕੋਲੋਂ ਮੋਬਾਈਲ ਫੋਨ ਬਰਾਮਦ ਹੋਇਆ ਸੀ। ਦਿਲਚਸਪ ਗੱਲ ਇਹ ਹੈ ਕਿ ਮੋਬਾਈਲ ਫ਼ੋਨ ਬਰਾਮਦ ਹੋਣ ਤੋਂ ਕਰੀਬ ਤਿੰਨ ਹਫ਼ਤੇ ਬਾਅਦ ਪੁਲੀਸ ਹਿਰਾਸਤ ਵਿੱਚੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ ਹੈ। ਸੂਚਨਾ ਅਨੁਸਾਰ ਟੀਨੂੰ 2017 ‘ਚ ਵੀ ਪੁਲੀਸ ਹਿਰਾਸਤ ‘ਚੋਂ ਫ਼ਰਾਰ ਹੋ ਗਿਆ ਸੀ। ਉਸ ਨੂੰ ਦਸੰਬਰ ਵਿੱਚ ਭਿਵਾਨੀ ਪੁਲੀਸ ਨੇ ਬੰਗਲੌਰ ਤੋਂ ਗ੍ਰਿਫਤਾਰ ਕੀਤਾ ਸੀ।