ਕੈਨੇਡਾ ਤੋਂ ਪਰਤਿਆ ਮੁਲਜ਼ਮ ਛੇ ਪਿਸਤੌਲਾਂ ਸਣੇ ਕਾਬੂ
ਪੰਜਾਬ ਪੁਲੀਸ ਨੇ ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਕੋਲੋਂ 6 ਪਿਸਤੌਲ, ਗੋਲੀਆਂ ਤੇ ਮੈਗਜ਼ੀਨ ਬਰਾਮਦ ਕੀਤੇ ਹਨ। ਡੀ ਜੀ ਪੀ ਗੌਰਵ ਯਾਦਵ ਨੇ ਐਕਸ ’ਤੇ ਖੁਲਾਸਾ ਕੀਤਾ ਕਿ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਅਮਰਬੀਰ ਸਿੰਘ ਉਰਫ਼ ਅਮਰ, ਵਾਸੀ ਡੇਰੀਵਾਲ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ 6 ਪਿਸਤੌਲ, 11 ਮੈਗਜ਼ੀਨ, .30 ਬੋਰ ਦੇ 91 ਕਾਰਤੂਸ ਅਤੇ 9 ਐੱਮ ਐੱਮ ਦੇ 20 ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਹਾਲ ਹੀ ਵਿੱਚ ਕੈਨੇਡਾ ਤੋਂ ਪਰਤਿਆ ਸੀ ਅਤੇ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸੀ। ਇਸ ਸਬੰਧ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੱਤਰਕਾਰ ਸੰਮੇਲਨ ਦੌਰਾਨ ਜ਼ਿਲ੍ਹਾ ਦਿਹਾਤੀ ਦੇ ਐੱਸ ਐੱਸ ਪੀ ਮਨਿੰਦਰ ਸਿੰਘ ਅਤੇ ਐੱਸ ਪੀ ਆਦਿਤਿਆ ਵਾਰੀਅਰ ਨੇ ਦੱਸਿਆ ਕਿ ਸਪੈਸ਼ਲ ਸੈੱਲ ਦੀ ਟੀਮ ਵੱਲੋਂ ਥਾਣਾ ਘਰਿੰਡਾ ਵਿਚ ਦਰਜ ਮਾਮਲੇ ਦੌਰਾਨ ਇੱਕ ਹੋਰ ਮੁਲਜ਼ਮ ਨੂੰ ਕਾਬੂ ਕੀਤਾ ਹੈ ਅਤੇ ਉਸ ਕੋਲੋਂ 2 ਪਿਸਤੌਲ, ਗੋਲੀਆਂ ਤੇ ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਤੋਂ ਪਹਿਲਾਂ 8 ਅਕਤੂਬਰ ਨੂੰ ਸਪੈਸ਼ਲ ਸੈੱਲ ਦੀ ਟੀਮ ਨੇ ਖੁਫ਼ੀਆ ਸੂਚਨਾ ਦੇ ਆਧਾਰ ’ਤੇ ਪ੍ਰਭਜੀਤ ਸਿੰਘ ਉਰਫ ਹਪਾ ਅਤੇ ਜਸ਼ਨਦੀਪ ਸਿੰਘ ਉਰਫ ਬੁੱਗੀ ਮੈਨ ਵਾਸੀ ਪਿੰਡ ਦਾਓਕੇ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਕੋਲੋਂ ਤਿੰਨ ਪਿਸਤੌਲ, ਚਾਰ ਮੈਗਜ਼ੀਨ ਅਤੇ 10 ਗੋਲੀਆਂ ਸਣੇ ਬਗ਼ੈਰ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਸੀ। ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਤੇ ਬੀ ਐਸ ਐਫ ਦੀ ਸਖ਼ਤੀ ਦੇ ਬਾਵਜੂਦ ਸਰਹੱਦੀ ਖੇਤਰ ’ਚ ਸਰਹੱਦ ਪਾਰੋਂ ਲਗਾਤਾਰ ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ ਕੀਤੇ ਜਾ ਰਹੇ ਹਨ। ਇਸ ਤਰ੍ਹਾਂ ਭਾਰੀ ਮਾਤਰਾ ’ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਜਾ ਰਹੇ ਹਨ।