ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਮਈ
ਇਥੇ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ’ਤੇ ਸੀਨੀਆਰਤਾ ਨੂੰ ਨਜ਼ਰਅੰਦਾਜ਼ ਕਰ ਕੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਦੇ ਦੋਸ਼ ਲਾਏ ਹਨ। ਪਾਰਟੀ ਦੇ ਆਗੂ ਵਿਨੀਤ ਜੋਸ਼ੀ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਭ੍ਰਿਸ਼ਟਾਚਾਰ ਸਿਰਫ ਪੈਸੇ ਲੈ ਕੇ ਹੀ ਨਹੀਂ ਹੁੰਦਾ, ਸਗੋਂ ਨਿਯੁਕਤੀਆਂ ਜਾਂ ਪੋਸਟਾਂ ’ਚ ਪੱਖਪਾਤ ਕਰਨਾ, ਸੀਨੀਆਰਤਾ ਨੂੰ ਦਰਕਿਨਾਰ ਕਰ ਕੇ ਆਪਣੇ ਚਹੇਤਿਆਂ ਨੂੰ ਨਿਯੁਕਤ ਕਰਨਾ, ਮੈਰਿਟ ਨੂੰ ਦਰਕਿਨਾਰ ਕਰ ਕੇ ਕਿਸੇ ਨੂੰ ਉਸ ਦੇ ਹੱਕ ਤੋਂ ਵਾਂਝਾ ਕਰਨਾ ਆਦਿ ਨੂੰ ਵੀ ਭ੍ਰਿਸ਼ਟਾਚਾਰ ਮੰਨਿਆ ਜਾਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਿਹਤ ਮੰਤਰੀ ਵਿਭਾਗ ਵਿੱਚ ਸਿਵਲ ਸਰਜਨ ਵਰਗੀਆਂ ਅਹਿਮ ਅਸਾਮੀਆਂ ’ਤੇ ਹੁਸ਼ਿਆਰਪੁਰ ਜ਼ਿਲ੍ਹੇ ’ਚ 17 ਸੀਨੀਅਰ ਵਿਅਕਤੀਆਂ ਨੂੰ ਦਰਕਿਨਾਰ ਕਰ ਕੇ ਆਪਣੇ ਚਹੇਤੇ ਜੂਨੀਅਰ ਅਫਸਰ ਦੀ ਨਿਯੁਕਤੀ ਕਰ ਦਿੱਤੀ ਗਈ ਹੈ।