ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਜਨਵਰੀ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਵੀਆਂ ਸੜਕਾਂ ਬਣਾਉਣ ਦੇ ਨਾਂ ਹੇਠ ਉਪਜਾਊ ਜ਼ਮੀਨਾਂ ਕੌਡੀਆਂ ਦੇ ਭਾਅ ’ਤੇ ਐਕੁਆਇਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੈਂਕੜੇ ਏਕੜ ਉਪਜਾਊ ਜ਼ਮੀਨਾਂ ’ਤੇ ਸਰਕਾਰ ਸੜਕਾਂ ਬਣਾਉਣ ਜਾ ਰਹੀ ਹੈ ਜਿਸ ਨਾਲ ਕਿਸਾਨਾਂ ਦੀ ਜ਼ਮੀਨ ਦੋ ਹਿੱਸਿਆਂ ਵਿੱਚ ਵੰਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕਾਂ ਦੀ ਉਚਾਈ ਜ਼ਿਆਦਾ ਹੋਣ ਕਾਰਨ ਇੱਕ ਪਾਸੇ ਤੋਂ ਦੂਸਰੇ ਪਾਸੇ ਜਾ ਕੇ ਖੇਤੀ ਕਰਨੀ ਵੀ ਔਖੀ ਹੋ ਜਾਵੇਗੀ। ਇਸ ਦੇ ਨਾਲ ਮੋਟਰਾਂ ਦਾ ਪਾਣੀ ਦੂਜੀ ਤਰਫ਼ ਲੈ ਕੇ ਜਾਣਾ ਵੀ ਔਖਾ ਹੋ ਜਾਵੇਗਾ। ਸੜਕਾਂ ਦੀ ਦਿਸ਼ਾ ਵੀ ਸਹੀ ਨਾ ਹੋਣ ਕਾਰਨ ਜ਼ਮੀਨਾਂ ਟੇਢੀਆਂ-ਮੇਢੀਆਂ ਹੋ ਜਾਣਗੀਆਂ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿਸ ਤਰ੍ਹਾਂ ਸਰਕਾਰ ਨੇ ਚੰਡੀਗੜ੍ਹ-ਲੁਧਿਆਣਾ ਹਾਈਵੇਅ ਤੇ ਰੇਲਵੇ ਲਾਈਨ ਦਾ ਪੈਸਾ ਕਿਸਾਨਾਂ ਨੂੰ ਮਾਰਕੀਟ ਰੇਟ ਤੋਂ 3 ਗੁਣਾ ਜ਼ਿਆਦਾ ਦਿੱਤਾ ਹੈ, ਉਸੇ ਤਰ੍ਹਾਂ ਇਨ੍ਹਾਂ ਕਿਸਾਨਾਂ ਨੂੰ 3 ਗੁਣਾ ਵੱਧ 90 ਲੱਖ ਰਪਏ ਪ੍ਰਤੀ ਏਕੜ ਜ਼ਮੀਨ ਦਾ ਭਾਅ ਦਿੱਤਾ ਜਾਵੇ ਕਿਉਂਕਿ ਉਥੇ ਮਾਰਕੀਟ ਰੇਟ ਵੀ ਘੱਟੋ-ਘੱਟ 30 ਲੱਖ ਰੁਪਏ ਪ੍ਰਤੀ ਏਕੜ ਹੈ।