ਅਮਨ ਅਰੋੜਾ ਦੀ ਕੋਠੀ ਅੱਗੇ ਡਟੇ ਸਾਂਝੇ ਮਜ਼ਦੂਰ ਮੋਰਚੇ ਦੇ ਕਾਰਕੁਨ
ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚਾ ਜ਼ਿਲ੍ਹਾ ਸੰਗਰੂਰ ਵੱਲੋਂ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਥਾਨਕ ਰਿਹਾਇਸ਼ ਅੱਗੇ ਧਰਨਾ ਦੇ ਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ। ਮਜ਼ਦੂਰ ਜਥੇਬੰਦੀ ਨੇ ਦੋਸ਼ ਲਾਇਆ ਕਿ ਸਰਕਾਰ ਜਾਣਬੁੱਝ ਕੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਮੋਰਚੇ ਦੇ ਆਗੂਆਂ ਨੇ ਰੋਸ ਜਤਾਇਆ ਕਿ ਮਜ਼ਦੂਰਾਂ ਨੂੰ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਪੱਕੇ ਰੁਜ਼ਗਾਰ ਦੀ ਗਾਰੰਟੀ, ਚੋਣ ਵਾਅਦਿਆਂ ਅਨੁਸਾਰ ਔਰਤਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ, ਪੈਨਸ਼ਨਾਂ ਦੀ ਰਾਸ਼ੀ ਵਿਚ ਵਾਧਾ, ਪੰਚਾਇਤੀ ਜ਼ਮੀਨ ਦਾ ਤੀਜਾ ਹਿੱਸਾ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਠੇਕੇ ’ਤੇ ਦੇਣ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ, ਜ਼ਮੀਨੀ ਹੱਦਬੰਦੀ ਕਾਨੂੰਨ ਤੋਂ ਵਾਧੂ ਨਿਕਲਦੀਆਂ ਜ਼ਮੀਨਾਂ ਦੀ ਵੰਡ ਬੇਜ਼ਮੀਨੇ ਮਜ਼ਦੂਰ ਕਿਸਾਨਾਂ ਵਿਚ ਕਰਾਉਣ, ਕਰਜ਼ਾ ਮੁਆਫ਼ੀ ਤੇ ਜਥੇਬੰਦ ਹੋ ਕੇ ਸੰਘਰਸ਼ ਕਰਨ ਦੇ ਹੱਕ ਦੀ ਬਹਾਲੀ ਅਤੇ ਲੈਂਡ ਪੂਲਿਗ ਨੀਤੀ ਰੱਦ ਕਰਵਾਉਣ ਵਰਗੀਆਂ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਮਜ਼ਦੂਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਲਾਗੂ ਕਰਨ ਦੀ ਥਾਂ ਲਗਾਤਾਰ ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਹੈ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜ਼ੋਰਾ ਸਿੰਘ ਨਸਰਾਲੀ, ਗੋਪੀਗਿਰ ਕੱਲਰਭੈਣੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਲਖਵੀਰ ਸਿੰਘ ਲੌਂਗੋਵਾਲ, ਸੂਬਾ ਆਗੂ ਬਲਵਿੰਦਰ ਸਿੰਘ ਜਲੂਰ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਭੂਪ ਚੰਦ ਚੰਨੋ, ਜੋਗਿੰਦਰ ਸਿੰਘ ਬੱਧਣ ਸਮੇਤ ਹੋਰਾਂ ਨੇ ਵੀ ਸੰਬੋਧਨ ਕੀਤਾ।