ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 19 ਮਾਰਚ
ਸ਼੍ਰੋਮਣੀ ਕਮੇਟੀ ਦੀਆਂ ਪੰਥਕ ਰਵਾਇਤਾਂ ਤੇ ਗੁਰਮਤਿ ਸਿਧਾਂਤ ਨੂੰ ਕਾਇਮ ਰੱਖਣ ਲਈ ਅੱਜ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ, ਸਿੱਖ ਵਿਦਵਾਨਾਂ, ਬੁੱਧੀਜੀਵੀਆਂ, ਚਿੰਤਕਾਂ ਤੇ ਧਾਰਮਿਕ ਸ਼ਖ਼ਸੀਅਤਾਂ ਦੀ ਮੀਟਿੰਗ ਗੁੱਜਰਖਾਨ ਕੈਂਪਸ ਵਿੱਚ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਾ ਕੇ ਪੰਥਕ ਸੋਚ ਦੇ ਧਾਰਨੀ ਵਿਅਕਤੀਆਂ ਦੀ ਕਮੇਟੀ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਹੁਣ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਵੇਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸਮੁੱਚੀ ਸਿੱਖ ਕੌਮ ਤੇ ਪੰਜਾਬੀਆਂ ਨੇ ਬਾਦਲ ਪਰਿਵਾਰ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਗੁਰੂਘਰਾਂ ਦਾ ਪ੍ਰਬੰਧ ਸਚਾਰੂ ਢੰਗ ਨਾਲ ਚਲਾਉਣ ਲਈ ਸਮੂਹ ਸਿੱਖ ਜਥੇਬੰਦੀਆਂ ਨੂੰ ਨਿੱਜੀ ਵਖਰੇਵੇਂ ਦੂਰ ਕਰਕੇ ਇੱਕਜੁੱਟ ਹੋਣ ਲਈ ਕਿਹਾ। ਸ਼੍ਰੋਮਣੀ ਕਮੇਟੀ ਮੈਂਬਰ ਕਿਰਨਜੋਤ ਕੌਰ ਨੇ ਮੰਗ ਕੀਤੀ ਗਈ ਕਿ ਦਫ਼ਤਰਾਂ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਵੀ ਲਗਾਈ ਜਾਵੇ।