ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਜਨਵਰੀ
ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮਨਾਉਣ ਵਾਸਤੇ ਸ਼੍ਰੋਮਣੀ ਕਮੇਟੀ ਵਾਂਗ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐੱਸਜੀਪੀਸੀ) ਨੇ ਵੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਪੀਐੱਸਜੀਪੀਸੀ ਨੇ ਭਾਰਤ ਤੋਂ ਆਉਣ ਵਾਲੇ ਸਿੱਖ ਸ਼ਰਧਾਲੂਆਂ ਲਈ ਅੱਠ ਦਨਿ ਦਾ ਪ੍ਰੋਗਰਾਮ ਉਲੀਕਿਆ ਹੈ। ਇਹ ਸਾਕਾ ਗੁਰਦੁਆਰਿਆਂ ਨੂੰ ਮਹੰਤਾਂ ਤੋਂ ਛੁਡਾਉਣ ਲਈ ਵਾਪਰੀ ਘਟਨਾ ਨਾਲ ਸਬੰਧਤ ਹੈ।
ਪੀਐੱਸਜੀਪੀਸੀ ਵੱਲੋਂ ਸੰਗਤ ਨੂੰ ਜਾਰੀ ਕੀਤੇ ਪੱਤਰ ਵਿੱਚ ਪ੍ਰਧਾਨ ਸਤਵੰਤ ਸਿੰਘ ਨੇੇ ਦੱਸਿਆ ਕਿ ਸਾਕਾ ਨਨਕਾਣਾ ਸਾਹਿਬ ਸ਼ਤਾਬਦੀ ਦਾ ਮੁੱਖ ਸਮਾਗਮ 21 ਫਰਵਰੀ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਵੇਗਾ। ਇਸ ਸਬੰਧੀ ਸਿੱਖ ਸ਼ਰਧਾਲੂਆਂ ਨੂੰ 18 ਫਰਵਰੀ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਗਿਆ ਹੈ। ਭਾਰਤੀ ਸ਼ਰਧਾਲੂਆਂ ਦੇ ਜਥੇ ਦਾ 18 ਫਰਵਰੀ ਨੂੰ ਵਾਹਗਾ ਸਰਹੱਦ ’ਤੇ ਸਵਾਗਤ ਕੀਤਾ ਜਾਵੇਗਾ ਅਤੇ ਸ਼ਰਧਾਲੂ ਗੁਰਦੁਆਰਾ ਨਨਕਾਣਾ ਸਾਹਿਬ ਜਾਣਗੇ। 21 ਫਰਵਰੀ ਨੂੰ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮਨਾਈ ਜਾਵੇਗੀ। ਪ੍ਰਧਾਨ ਸਤਵੰਤ ਸਿੰਘ ਨੇ ਦੱਸਿਆ ਕਿ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣ ਵਾਸਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਜਗੀਰ ਕੌਰ ਨੂੰ ਸੱਦਾ ਦਿੱਤਾ ਗਿਆ ਹੈ। ਇਸ ਸਬੰਧੀ ਉਨ੍ਹਾਂ ਨਾਲ ਗੱਲਬਾਤ ਹੋਈ ਹੈ ਅਤੇ ਦੋਵਾਂ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਲਈ ਹਾਮੀ ਭਰੀ ਹੈ।
ਅੱਜ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਜਗੀਰ ਕੌਰ ਨੇ ਆਖਿਆ ਕਿ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਸਿੱਖ ਸ਼ਰਧਾਲੂਆਂ ਦਾ ਵੱਡਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਉਹ ਖ਼ੁਦ ਵੀ ਸ਼ਤਾਬਦੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਣਗੇ।